JALANDHAR WEATHER

ਅਕਾਲ ਤਖਤ ਸਾਹਿਬ ਸਕੱਤਰੇਤ ਨੇ 29 ਜੂਨ ਲਈ ਸਿੱਖ ਮੰਤਰੀਆਂ, ਵਿਧਾਇਕਾਂ ਅਤੇ ਸਪੀਕਰ ਨੂੰ ਪੇਸ਼ੀ ਸੰਬੰਧੀ ਲਿਖੇ ਪੱਤਰ ਕੀਤੇ ਜਨਤਕ

ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ)- ਪੰਜਾਬ ਸਰਕਾਰ ਵਲੋਂ ਅਪ੍ਰੈਲ 2026 ਵਿਚ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ ਅਤੇ ਗੁਰੂ ਖ਼ਾਲਸਾ ਪੰਥ ਨਾਲ ਰਾਏ ਅਤੇ ਸਹਿਮਤੀ ਤੋਂ ਬਿਨਾਂ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਸੰਬੰਧ ਵਿਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਮੂਹ ਸਿੱਖ ਮੈਂਬਰਾਂ ਅਤੇ ਸੂਬਾ ਸਰਕਾਰ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ 29 ਜੂਨ ਨੂੰ ਸਕੱਤਰੇਤ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣ ਲਈ ਅਧਿਕਾਰਤ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਅੱਜ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਅਧਿਕਾਰਤ ਵੈੱਬਸਾਈਟ www.punjabassembly.gov.in ’ਤੇ ਦਰਜ ਉਨ੍ਹਾਂ ਦੇ ਈ-ਮੇਲ ਪਤਿਆਂ ਅਤੇ ਮੋਬਾਈਲ ਨੰਬਰਾਂ ’ਤੇ ਵ੍ਹਟਸਐਪ ਰਾਹੀਂ ਸਕੱਤਰੇਤ ਅਕਾਲ ਤਖ਼ਤ ਸਾਹਿਬ ਦੇ ਅਧਿਕਾਰਤ ਪੱਤਰ ਮਿਤੀ 17 ਜੂਨ ਅਤੇ 18 ਜੂਨ 2026 ਨੂੰ ਭੇਜੇ ਜਾ ਚੁੱਕੇ ਹਨ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਨੂੰ ਪੱਤਰ ਮਿਤੀ 23 ਜੂਨ 2026 ਨੂੰ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਮੂਹ ਵਿਧਾਇਕਾਂ ਅਤੇ ਮੰਤਰੀਆਂ ਨੂੰ ਉਨ੍ਹਾਂ ਦੇ ਸੰਪਰਕ ਨੰਬਰਾਂ ’ਤੇ ਸਕੱਤਰੇਤ ਦੇ ਅਧਿਕਾਰੀਆਂ ਵਲੋਂ ਫ਼ੋਨ ਕਰਕੇ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਅਧਿਕਾਰਤ ਪੱਤਰ ਭੇਜੇ ਗਏ ਹਨ।

ਸ. ਬਗੀਚਾ ਸਿੰਘ ਨੇ ਕਿਹਾ ਕਾਨੂੰਨੀ ਸੋਧ ਨਾਲ ਸੰਬੰਧਿਤ ਮਾਮਲੇ ’ਤੇ ਵਿਚਾਰ ਅਤੇ ਪੱਖ ਸੁਣਨ ਲਈ ਸਮੂਹ ਸਿੱਖ ਵਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਸਵੇਰੇ 11 ਵਜੇ ਸ੍ਰੀ ਅੰਮ੍ਰਿਤਸਰ ਸਥਿਤ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਕੈਬਨਿਟ ਦੇ ਗ਼ੈਰ-ਸਿੱਖ ਮੰਤਰੀਆਂ ਨੂੰ ਵੀ ਪੱਤਰ ਭੇਜੇ ਗਏ ਹਨ ਜਿਨ੍ਹਾਂ ਨੂੰ ਇਸ ਮਾਮਲੇ ’ਤੇ 29 ਜੂਨ ਤੋਂ ਪਹਿਲਾਂ-ਪਹਿਲਾਂ ਆਪਣਾ ਲਿਖਤੀ ਪੱਖ ਭੇਜਣ ਲਈ ਆਖਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ