JALANDHAR WEATHER

ਡਾ. ਤਰਸੇਮ ਗਰਗ ਕਲੀਨਿਕ 'ਤੇ ਪੈਟਰੋਲ ਬੰਬ ਹਮਲਾ ਕਰਨ ਵਾਲੇ 2 ਗ੍ਰਿਫ਼ਤਾਰ

ਬਠਿੰਡਾ, 25 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਭਾਜਪਾ ਆਗੂ ਅਤੇ ਨਾਮਵਰ ਡਾ. ਤਰਸੇਮ ਗਰਗ ਦੇ ਵਿਸ਼ਾਲ ਨਗਰ ਸਥਿਤ ਕਲੀਨਿਕ 'ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਵਿਚ ਬਠਿੰਡਾ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਡੀ.ਆਈ.ਜੀ. ਬਠਿੰਡਾ ਰੇਂਜ ਹਰਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਨਾਖੁਲ ਕੁਮਾਰ ਰਾਜਪੂਤ ਅਤੇ ਗੁਰਵਿੰਦਰ ਸਿੰਘ ਉੱਲੀ ਵਜੋਂ ਹੋਈ ਹੈ, ਜੋ ਫਾਜ਼ਿਲਕਾ ਜ਼ਿਲ੍ਹੇ ਦੇ ਖੂਹੀਆ ਸਰਵਰ ਇਲਾਕੇ ਦੇ ਰਹਿਣ ਵਾਲੇ ਹਨ। ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਦੇ ਬਦਲੇ ਦੋਵਾਂ ਨੂੰ 3-3 ਹਜ਼ਾਰ ਰੁਪਏ ਦਿੱਤੇ ਜਾਣੇ ਸਨ।

ਪੁਲਿਸ ਮੁਤਾਬਕ ਮੁਲਜ਼ਮਾਂ ਨੂੰ ਹਾਇਰ ਕਰਨ ਵਾਲਾ ਮੁੱਖ ਦੋਸ਼ੀ ਸੰਦੀਪ ਅਜੇ ਫ਼ਰਾਰ ਹੈ, ਜਦਕਿ ਇਸ ਮਾਮਲੇ ਵਿਚ ਪਾਕਿਸਤਾਨ ਅਧਾਰਿਤ ਸ਼ਹਿਜਾਦ ਭੱਟੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਡੀ.ਆਈ.ਜੀ. ਹਰਜੀਤ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰੀ ਤੋਂ ਬਾਅਦ ਜਦੋਂ ਮੁਲਜ਼ਮਾਂ ਨੂੰ ਪੁਲਿਸ ਟੀਮ ਲੈ ਕੇ ਆ ਰਹੀ ਸੀ ਤਾਂ ਮਲੋਟ ਰੋਡ ਬ੍ਰਿਜ 'ਤੇ ਪਿਸ਼ਾਬ ਕਰਨ ਦਾ ਬਹਾਨਾ ਬਣਾ ਕੇ ਦੋਵਾਂ ਨੇ ਪੁਲ ਤੋਂ ਛਾਲ ਮਾਰ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਛਾਲ ਮਾਰਨ ਕਾਰਨ ਦੋਵੇਂ ਜ਼ਖ਼ਮੀ ਹੋ ਗਏ ਅਤੇ ਪੁਲਿਸ ਨੇ ਉਨ੍ਹਾਂ ਨੂੰ ਮੁੜ ਕਾਬੂ ਕਰ ਲਿਆ। ਸੱਟਾਂ ਲੱਗਣ ਕਾਰਨ ਦੋਵਾਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ