JALANDHAR WEATHER

ਨਗਰ ਕੌਂਸਲ ਗੁਰੂਹਰਸਹਾਏ ਚੋਣਾਂ: 15 ਵਾਰਡਾਂ ਵਿਚ 99 ਉਮੀਦਵਾਰਾਂ ਵਿਚਾਲੇ ਹੋਵੇਗਾ ਮੁਕਾਬਲਾ

ਗੁਰੂਹਰਸਹਾਏ, 25 ਜੂਨ (ਕਪਿਲ ਕੰਧਾਰੀ)– 5 ਜੁਲਾਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਗੁਰੂਹਰਸਹਾਏ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਵੀਰਵਾਰ ਨੂੰ ਸਮਾਪਤ ਹੋ ਗਈ। ਐਸਡੀਐਮ-ਕਮ-ਰਿਟਰਨਿੰਗ ਅਫ਼ਸਰ ਹਰਦੀਪ ਸਿੰਘ ਵਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਨਗਰ ਕੌਂਸਲ ਦੇ 15 ਵਾਰਡਾਂ ਲਈ ਕੁੱਲ 99 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਜਾਰੀ ਸੂਚੀ ਮੁਤਾਬਕ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਆਜ਼ਾਦ ਉਮੀਦਵਾਰਾਂ ਵਿਚਾਲੇ ਕਈ ਵਾਰਡਾਂ ਵਿਚ ਸਿੱਧਾ ਅਤੇ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲੇਗਾ।

ਕਈ ਵਾਰਡਾਂ ਵਿਚ ਚਾਰ ਤੋਂ ਸੱਤ ਉਮੀਦਵਾਰ ਮੈਦਾਨ ਵਿਚ ਹੋਣ ਕਾਰਨ ਚੋਣੀ ਮੁਕਾਬਲਾ ਕਾਫ਼ੀ ਰੋਚਕ ਬਣ ਗਿਆ ਹੈ। ਨਾਮਜ਼ਦਗੀ ਦੇ ਆਖਰੀ ਦਿਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਸਮਰਥਕਾਂ ਦੀ ਐਸ.ਡੀ.ਐਮ. ਦਫ਼ਤਰ ਵਿਚ ਖਾਸੀ ਚਹਿਲ-ਪਹਿਲ ਰਹੀ। ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਵੀ ਕੀਤੇ ਗਏ ਸਨ।

ਚੋਣ ਅਧਿਕਾਰੀਆਂ ਅਨੁਸਾਰ ਨਾਮਜ਼ਦਗੀ ਪੱਤਰਾਂ ਦੀ ਜਾਂਚ 26 ਜੂਨ ਨੂੰ ਕੀਤੀ ਜਾਵੇਗੀ, ਜਦਕਿ 27 ਜੂਨ ਨੂੰ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਇਸ ਤੋਂ ਬਾਅਦ ਅੰਤਿਮ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾਵੇਗੀ। ਨਾਮਜ਼ਦਗੀ ਪ੍ਰਕਿਰਿਆ ਪੂਰੀ ਹੋਣ ਦੇ ਨਾਲ ਹੀ ਉਮੀਦਵਾਰਾਂ ਨੇ ਆਪਣੇ-ਆਪਣੇ ਵਾਰਡਾਂ ਵਿਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਘਰ-ਘਰ ਸੰਪਰਕ, ਛੋਟੀਆਂ-ਵੱਡੀਆਂ ਮੀਟਿੰਗਾਂ ਅਤੇ ਜਨ ਸਭਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਰਾਜਨੀਤਿਕ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਵਾਰ ਕਈ ਵਾਰਡਾਂ ਵਿਚ ਨਤੀਜੇ ਬਹੁਤ ਹੀ ਕਰੀਬੀ ਮੁਕਾਬਲੇ ਵਾਲੇ ਹੋ ਸਕਦੇ ਹਨ।

ਐਸਡੀਐਮ-ਕਮ-ਰਿਟਰਨਿੰਗ ਅਫ਼ਸਰ ਹਰਦੀਪ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੁੱਚੀ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਸਮੂਹ ਉਮੀਦਵਾਰਾਂ ਅਤੇ ਸਮਰਥਕਾਂ ਨੂੰ ਚੋਣ ਜ਼ਾਬਤੇ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ। 5 ਜੁਲਾਈ ਨੂੰ ਹੋਣ ਵਾਲੀਆਂ ਇਨ੍ਹਾਂ ਚੋਣਾਂ ਨੂੰ ਲੈ ਕੇ ਸ਼ਹਿਰ ਵਿਚ ਚੋਣੀ ਮਾਹੌਲ ਪੂਰੀ ਤਰ੍ਹਾਂ ਭਖ ਚੁੱਕਾ ਹੈ ਅਤੇ ਹੁਣ ਸਾਰਿਆਂ ਦੀਆਂ ਨਜ਼ਰਾਂ ਨਾਮਜ਼ਦਗੀ ਪੱਤਰਾਂ ਦੀ ਜਾਂਚ ਅਤੇ ਅੰਤਿਮ ਉਮੀਦਵਾਰਾਂ ਦੀ ਸੂਚੀ ਉੱਤੇ ਟਿਕੀਆਂ ਹੋਈਆਂ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ