ਜਥੇਦਾਰ ਗੜਗੱਜ ਨੇ ਅਸ਼ੀਸ਼ ਨੇਗੀ ਨਾਮੀ ਉੱਤਰਾਖੰਡ ਦੇ ਇਕ ਵਿਅਕਤੀ ਵਲੋਂ ਜੂਨ 84 ਦੁਹਰਾਉਣ ਸੰਬੰਧੀ ਧਮਕੀ ਦੇਣ ਦਾ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ ਦੇ ਆਸ਼ੀਸ਼ ਨੇਗੀ ਨਾਮਕ ਇਕ ਸ਼ਰਾਰਤੀ ਵਿਅਕਤੀ ਵਲੋਂ ਸਿੱਖਾਂ ਨੂੰ ਜੂਨ 1984 ਦੁਹਰਾਉਣ ਦੀ ਧਮਕੀ ਦੇਣ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਉਤਰਾਖੰਡ ਸਰਕਾਰ ਨੂੰ ਆਖਿਆ ਕਿ ਇਹੋ ਜਿਹੇ ਲੋਕ ਦੇਸ਼ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਵੱਡਾ ਖਤਰਾ ਹਨ। ਉਨ੍ਹਾਂ ਕਿਹਾ ਕਿ ਆਸ਼ੀਸ਼ ਨੇਗੀ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਜਿਸ ਸਿੱਖ ਕੌਮ ਦੀਆਂ ਸ਼ਹਾਦਤਾਂ ਦੇ ਸਦਕਾ ਅੱਜ ਦੇਸ਼ ਅਜ਼ਾਦੀ ਦਾ ਨਿੱਘ ਮਾਣ ਰਿਹਾ ਹੈ, ਉਹ ਉਨ੍ਹਾਂ ਨੂੰ ਖੁੱਲ੍ਹੇਆਮ ਲਲਕਾਰੇ ਮਾਰ ਰਿਹਾ ਹੈ, ਜਿਸ ਦੇ ਨਤੀਜੇ ਠੀਕ ਨਹੀਂ ਨਿਕਲਣਗੇ। ਉਨ੍ਹਾਂ ਕਿਹਾ ਕਿ ਨੇਗੀ ਦੇ ਪ੍ਰਗਟਾਵੇ ਤੋਂ ਸਿੱਧ ਹੁੰਦਾ ਹੈ ਕਿ ਦੇਸ਼ ਅੰਦਰ ਕੁਝ ਸ਼ਰਾਰਤੀ ਲੋਕਾਂ ਦੇ ਮਨਾਂ ਅੰਦਰ ਸਿੱਖ ਵਿਰੋਧੀ ਨਫ਼ਰਤ ਭਰੀ ਹੋਈ ਹੈ। ਉਨ੍ਹਾਂ ਕਿਹਾ ਕਿ ਸਿੱਖ ਅਜਿਹੇ ਲੋਕਾਂ ਤੋਂ ਸੁਚੇਤ ਰਹਿਣ ਅਤੇ ਯਾਤਰਾ ’ਤੇ ਜਾਣ ਲੱਗਿਆਂ ਕਿਸੇ ਤਰ੍ਹਾਂ ਦੀ ਭੜਕਾਹਟ ਵਿਚ ਨਾ ਆਉਣ।
ਜਥੇਦਾਰ ਗੜਗੱਜ ਨੇ ਉਤਰਾਖੰਡ ਸਰਕਾਰ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਵਿਚ ਰੱਖਣ ਲਈ ਆਖਿਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਤਰਾਖੰਡ ਅੰਦਰ ਕੁਝ ਸ਼ਰਾਰਤੀ ਲੋਕਾਂ ਵਲੋਂ ਸਿੱਖਾਂ ਦੇ ਕਕਾਰ ਪਹਿਨਣ ਦੇ ਅਧਿਕਾਰ ਉੱਤੇ ਵਾਰ-ਵਾਰ ਸਵਾਲ ਚੁੱਕੇ ਜਾ ਰਹੇ ਹਨ, ਇਨ੍ਹਾਂ ਨੂੰ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਿੱਖ ਤੇ ਪੰਜਾਬੀ ਉਤਰਾਖ਼ੰਡ ਜਾਂਦੇ ਹਨ ਤਾਂ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ ਕਿ ਪਹਿਲਾਂ ਕੁਝ ਸਥਾਨਕ ਲੋਕਾਂ ਨੇ ਸਿੱਖ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਕਕਾਰਾਂ ਅਤੇ ਬਾਣੇ ਦੇ ਕਾਰਨ ਨਿਸ਼ਾਨਾ ਬਣਾਇਆ ਅਤੇ ਬਾਅਦ ਵਿਚ ਘਟਨਾਵਾਂ ਨੂੰ ਦੋਵਾਂ ਭਾਈਚਾਰਿਆਂ ਵਿਚਕਾਰ ਫਿਰਕੂ ਚਿੰਤਾ ਦੀ ਰੰਗਤ ਦਿੱਤੀ। ਉਨ੍ਹਾਂ ਕਿਹਾ ਕਿ ਉਤਰਾਖੰਡ ਸਰਕਾਰ ਨੂੰ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਪਛਾਣ ਕੇ ਇਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ। ਜੇਕਰ ਇਸ ਵਰਤਾਰੇ ਨੂੰ ਨਾ ਠੱਲ੍ਹਿਆ ਗਿਆ ਤਾਂ ਸਿੱਖਾਂ ਨੂੰ ਉਤਰਾਖੰਡ ਯਾਤਰਾ ਸੰਬੰਧੀ ਮਜ਼ਬੂਰਨ ਸਖ਼ਤ ਫ਼ੈਸਲਾ ਲੈਣਾ ਪਵੇਗਾ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਸ਼ੀਸ਼ ਨੇਗੀ ਵਲੋਂ ਦਿੱਤੀ ਗਈ ਧਮਕੀ ਅਤੇ ਸਿੱਖ-ਵਿਰੋਧੀ ਪ੍ਰਗਟਾਵੇ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਕਿ ਇਸ ਦੇ ਵਿਰੁੱਧ ਅੰਮ੍ਰਿਤਸਰ ਵਿਚ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੇ ਅਨਸਰਾਂ ਨੂੰ ਸਬਕ ਸਿਖਾਇਆ ਜਾ ਸਕੇ।
;
;
;
;
;
;
;
;