ਜਥੇਦਾਰ ਗੜਗੱਜ ਵਲੋਂ ਬੇਅਦਬੀ ਨਾਲ ਸੰਬੰਧਿਤ ਕਾਨੂੰਨ ਬਾਰੇ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੱਦ ਕੇ ਜਾਣਕਾਰੀ ਲੈਣਾ ਸ਼ਲਾਘਾਯੋਗ ਕਦਮ- ਸਤਨਮ ਸਿੰਘ ਰੱਤੋਕੇ
ਲੌਂਗੋਵਾਲ, 30 ਜੂਨ ( ਸ,ਸ,ਖੰਨਾ,ਵਿਨੋਦ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਹਲਕਾ ਸੁਨਾਮ ਦੇ ਇੰਚਾਰਜ ਸਤਿਨਾਮ ਸਿੰਘ ਰੱਤੋਕੇ ਨੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਪੰਜਾਬ ਦੇ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦ ਕੇ ਗੁਰੂ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਕਾਨੂੰਨ ਅਤੇ ਸਿੱਖ ਪੰਥ ਨਾਲ ਜੁੜੇ ਗੰਭੀਰ ਮਸਲਿਆਂ ਬਾਰੇ ਜਾਣਕਾਰੀ ਲੈਣ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਅਤੇ ਸਮੇਂ ਦੀ ਲੋੜ ਅਨੁਸਾਰ ਚੰਗਾ ਕਦਮ ਹੈ।
ਉਨ੍ਹਾਂ ਕਿਹਾ ਜੇਕਰ ਪੰਜਾਬ ਦੀ ਵਿਧਾਨ ਸਭਾ ਵਿੱਚ ਕੋਈ ਵੀ ਕਾਨੂੰਨ ਪਾਸ ਕੀਤਾ ਜਾਂਦਾ ਹੈ, ਖ਼ਾਸ ਕਰਕੇ ਉਹ ਕਾਨੂੰਨ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਅਤੇ ਸਤਿਕਾਰ ਨਾਲ ਸਬੰਧਤ ਹੋਵੇ, ਤਾਂ ਹਰ ਵਿਧਾਇਕ ਅਤੇ ਖ਼ਾਸ ਤੌਰ 'ਤੇ ਸੂਬੇ ਦੇ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਸ ਕਾਨੂੰਨ ਦੀਆਂ ਧਾਰਾਵਾਂ, ਉਦੇਸ਼ ਅਤੇ ਪ੍ਰਭਾਵ ਬਾਰੇ ਪੂਰੀ ਜਾਣਕਾਰੀ ਰੱਖਣ।
ਰੱਤੋਕੇ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਅਤੇ ਸੂਬੇ ਦੀ ਸਰਕਾਰ ਇਸ ਮਾਮਲੇ ਵਿੱਚ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਨਹੀਂ ਉਤਰੇ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਦੇ ਨੁਮਾਇੰਦੇ ਹੀ ਆਪਣੇ ਬਣਾਏ ਜਾਂ ਸਮਰਥਨ ਕੀਤੇ ਕਾਨੂੰਨਾਂ ਬਾਰੇ ਸਪੱਸ਼ਟ ਜਾਣਕਾਰੀ ਨਾ ਦੇ ਸਕਣ, ਤਾਂ ਇਹ ਲੋਕਤੰਤਰ ਅਤੇ ਵਿਧਾਨਿਕ ਪ੍ਰਕਿਰਿਆ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ 'ਤੇ ਪੰਜਾਬ ਦੀ ਜਨਤਾ ਅਤੇ ਸਿੱਖ ਸੰਗਤ ਦੇ ਸਾਹਮਣੇ ਸਪੱਸ਼ਟਤਾ ਲਿਆਉਣ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਅਤੇ ਇੱਥੋਂ ਉੱਠਣ ਵਾਲੇ ਸਵਾਲਾਂ ਦਾ ਜਵਾਬ ਗੰਭੀਰਤਾ, ਸਤਿਕਾਰ ਅਤੇ ਜ਼ਿੰਮੇਵਾਰੀ ਨਾਲ ਦਿੱਤਾ ਜਾਣਾ ਚਾਹੀਦਾ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਜਨ-ਪ੍ਰਤੀਨਿਧੀਆਂ ਨੂੰ ਜਵਾਬਦੇਹ ਬਣਾਉਣ ਦਾ ਇਹ ਯਤਨ ਪੰਥਕ ਰਵਾਇਤਾਂ ਅਤੇ ਜਨਤਕ ਜਵਾਬਦੇਹੀ ਨੂੰ ਮਜ਼ਬੂਤ ਕਰਨ ਵਾਲਾ ਕਦਮ ਹੈ, ਜਿਸ ਦੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਭਰਪੂਰ ਸ਼ਲਾਘਾ ਕਰਦਾ ਹੈ। ਉਨਾਂ ਕਿਹਾ ਕਿ ਪੰਜਾਬ ਦੀ ਜਨਤਾ ਉਹਨਾਂ ਨੁਮਾਇੰਦਿਆਂ ਤੋਂ ਜਵਾਬ ਮੰਗਦੀ ਹੈ ਜੋ ਪਵਿੱਤਰ ਗੁਰੂ ਸਾਹਿਬ ਦੀ ਮਰਿਆਦਾ ਅਤੇ ਪੰਜਾਬ ਦੇ ਹਿੱਤਾਂ ਨਾਲ ਜੁੜੇ ਵਿਸ਼ਿਆਂ 'ਤੇ ਫ਼ੈਸਲੇ ਲੈਂਦੇ ਹਨ। ਧਾਰਮਿਕ ਅਤੇ ਸੰਵਿਧਾਨਕ ਮਸਲਿਆਂ 'ਤੇ ਅਗਿਆਨਤਾ ਕਦੇ ਵੀ ਸਵੀਕਾਰ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਨੁਮਾਇੰਦਿਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ ਅਤੇ ਤਿਆਰੀ ਨਾਲ ਨਿਭਾਉਣੀਆਂ ਚਾਹੀਦੀਆਂ ਹਨ।
;
;
;
;
;
;
;
;