JALANDHAR WEATHER

ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਵੱਡੀ ਖੇਪ ਸਮੇਤ ਪੰਜ ਮੁਲਜ਼ਮ ਕੀਤੇ ਗ੍ਰਿਫ਼ਤਾਰ

ਕਰਨਾਲ, 30 ਜੂਨ (ਗੁਰਮੀਤ ਸਿੰਘ ਸੱਗੂ)- ਸੀਆਈਏ-1 ਕਰਨਾਲ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਗੈਰ-ਕਾਨੂੰਨੀ ਹਥਿਆਰਾਂ ਦੀ ਵੱਡੀ ਖੇਪ ਸਮੇਤ ਪੰਜ ਮੁਲਜ਼ਮ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 08 ਗੈਰ-ਕਾਨੂੰਨੀ ਪਿਸਤੌਲ, 30 ਜ਼ਿੰਦਾ ਕਾਰਤੂਸ ਅਤੇ ਇੱਕ ਕਾਰ ਬਰਾਮਦ ਕੀਤੀ ਹੈ। ਦਸਿਆ ਜਾ ਰਿਹਾ ਹੈ ਕਿ ਐੱਸ.ਪੀ. ਕਰਨਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲਿਸ ਵਲੋਂ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ’ਤੇ ਨਕੇਲ ਕੱਸਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸੀ.ਆਈ.ਏ-1 ਕਰਨਾਲ ਦੀ ਟੀਮ ਨੇ ਇੰਚਾਰਜ ਇੰਸਪੈਕਟਰ ਸੰਦੀਪ ਸਿੰਘ ਦੀ ਅਗਵਾਈ ਹੇਠ ਭਰੋਸੇਯੋਗ ਸੂਚਨਾ ਦੇ ਆਧਾਰ ’ਤੇ ਵੱਡੀ ਕਾਰਵਾਈ ਕਰਦਿਆਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।

ਮੁਲਜ਼ਮਾਂ ਦੇ ਕਬਜ਼ੇ ਵਿਚੋਂ 08 ਗੈਰ-ਕਾਨੂੰਨੀ ਪਿਸਤੌਲ, 30 ਜ਼ਿੰਦਾ ਕਾਰਤੂਸ ਅਤੇ ਇਕ ਸਿਲੇਰੀਓ ਕਾਰ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਆਈਏ-1 ਦੇ ਇੰਚਾਰਜ ਇੰਸਪੈਕਟਰ ਸੰਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਆਰਮਜ਼ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਥਾਣਾ ਮਧੁਬਨ, ਜ਼ਿਲ੍ਹਾ ਕਰਨਾਲ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਵਨ ਉਰਫ਼ ਪੋੰਨਾ ਪੁੱਤਰ ਖੁਸ਼ੀਰਾਮ ਵਾਸੀ ਵਾਰਡ ਨੰਬਰ-02, ਰੇਲਵੇ ਰੋਡ, ਕਲਾਨੌਰ, ਥਾਣਾ ਕਲਾਨੌਰ, ਜ਼ਿਲ੍ਹਾ ਰੋਹਤਕ; ਜਤਿਨ ਪੁੱਤਰ ਰਾਜੇਂਦਰ ਵਾਸੀ ਵਾਰਡ ਨੰਬਰ-01, ਬਾਬਾ ਕਾਲੋਨੀ, ਕਲਾਨੌਰ, ਥਾਣਾ ਕਲਾਨੌਰ, ਜ਼ਿਲ੍ਹਾ ਰੋਹਤਕ; ਰਾਹੁਲ ਪੁੱਤਰ ਵਿਜੈ ਕੁਮਾਰ ਵਾਸੀ ਵਾਰਡ ਨੰਬਰ-07, ਸੰਤ ਕਾਲੋਨੀ, ਖਰਖੌਦਾ, ਥਾਣਾ ਖਰਖੌਦਾ, ਜ਼ਿਲ੍ਹਾ ਸੋਨੀਪਤ; ਨਵਦੀਪ ਪੁੱਤਰ ਭੂਪਿੰਦਰ ਵਾਸੀ ਸ਼ਹਿਰ ਮਾਲਪੁਰ, ਥਾਣਾ ਬਾਪੌਲੀ, ਜ਼ਿਲ੍ਹਾ ਪਾਣੀਪਤ ਅਤੇ ਕਪਿਲ ਪੁੱਤਰ ਕਰਤਾਰ ਵਾਸੀ ਸ਼ਹਿਰ ਮਾਲਪੁਰ, ਥਾਣਾ ਬਾਪੌਲੀ, ਜ਼ਿਲ੍ਹਾ ਪਾਣੀਪਤ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਸੀਆਈਏ-1 ਦੀ ਟੀਮ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 08 ਗੈਰ-ਕਾਨੂੰਨੀ ਪਿਸਤੌਲ, 30 ਜ਼ਿੰਦਾ ਕਾਰਤੂਸ ਅਤੇ ਵਾਰਦਾਤ ਵਿਚ ਵਰਤੀ ਗਈ ਇੱਕ ਸਿਲੇਰੀਓ ਕਾਰ ਬਰਾਮਦ ਕੀਤੀ ਹੈ। ਬਰਾਮਦ ਕੀਤੀਆਂ ਚੀਜ਼ਾਂ ਨੂੰ ਪੁਲਿਸ ਵਲੋ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇੰਸਪੈਕਟਰ ਸੰਦੀਪ ਸਿੰਘ ਨੇ ਦੱਸਿਆ ਕਿ ਸੀਆਈਏ-1 ਦੀ ਟੀਮ ਨੇ 29 ਜੂਨ 2026 ਨੂੰ ਰਿੰਗ ਰੋਡ, ਪਿੰਡ ਕੁਟੇਲ, ਕਰਨਾਲ ਨੇੜੇ ਨਾਕਾਬੰਦੀ ਅਤੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਕਾਬੂ ਕੀਤਾ। ਲੋੜੀਂਦੀ ਪੁੱਛਗਿੱਛ ਅਤੇ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਮੁਲਜ਼ਮਾਂ ਨੂੰ ਕਾਨੂੰਨ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਪਵਨ ਉਰਫ਼ ਪੋੰਨਾ ਖ਼ਿਲਾਫ਼ ਪਹਿਲਾਂ ਵੀ ਇੱਕ ਅਪਰਾਧਿਕ ਮਾਮਲਾ ਦਰਜ ਹੈ। ਬਾਕੀ ਮੁਲਜ਼ਮਾਂ ਦੇ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸਾਰੇ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ, ਤਾਂ ਜੋ ਗੈਰ-ਕਾਨੂੰਨੀ ਹਥਿਆਰਾਂ ਦੇ ਸਰੋਤ, ਸਪਲਾਈ ਚੇਨ, ਖਰੀਦ-ਫ਼ਰੋਖ਼ਤ ਵਿਚ ਸ਼ਾਮਲ ਹੋਰ ਵਿਅਕਤੀਆਂ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਮਾਮਲਿਆਂ ਦਾ ਖੁਲਾਸਾ ਕੀਤਾ ਜਾ ਸਕੇ। ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ