JALANDHAR WEATHER

ਡੇਂਗੂ ਖ਼ਿਲਾਫ਼ ਸਖ਼ਤ ਕਾਰਵਾਈ, ਜ਼ੀਰਕਪੁਰ 'ਚ ਲਾਰਵਾ ਮਿਲਣ 'ਤੇ 6 ਘਰਾਂ ਦੇ ਚਲਾਨ

ਜ਼ੀਰਕਪੁਰ, 3 ਜੁਲਾਈ- ਬਰਸਾਤੀ ਮੌਸਮ ਦੌਰਾਨ ਡੇਂਗੂ ਦੇ ਵੱਧ ਰਹੇ ਖ਼ਤਰੇ ਨੂੰ ਦੇਖਦਿਆਂ ਸਿਹਤ ਵਿਭਾਗ ਨੇ ਹੁਣ ਸਖ਼ਤੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਦੀ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਜ਼ੀਰਕਪੁਰ ਦੇ ਡੇਂਗੂ ਪ੍ਰਭਾਵਿਤ ਹਾਟਸਪਾਟ ਇਲਾਕਿਆਂ ਵਿਚ ਵਿਸ਼ੇਸ਼ ਕੰਟੇਨਰ ਸਰਵੇ ਕੀਤਾ ਗਿਆ। ਇਸ ਦੌਰਾਨ ਜਿਨ੍ਹਾਂ ਘਰਾਂ ਵਿਚ ਡੇਂਗੂ ਮੱਛਰ ਦਾ ਲਾਰਵਾ ਮਿਲਿਆ, ਉਨ੍ਹਾਂ ਖ਼ਿਲਾਫ਼ ਨਗਰ ਕੌਂਸਲ ਵਲੋਂ ਮੌਕੇ 'ਤੇ ਹੀ 6 ਚਲਾਨ ਕੀਤੇ ਗਏ।

ਸਿਵਲ ਸਰਜਨ ਮੋਹਾਲੀ ਡਾ. ਸੰਗੀਤਾ ਜੈਨ, ਸੀਨੀਅਰ ਮੈਡੀਕਲ ਅਫ਼ਸਰ ਢਕੋਲੀ ਡਾ. ਗਗਨਦੀਪ ਸਿੰਘ ਸ਼ੇਰਗਿੱਲ, ਨੋਡਲ ਅਫ਼ਸਰ ਡਾ. ਸਰਗੁਣ ਗਰੇਵਾਲ ਅਤੇ ਹੈਲਥ ਸੁਪਰਵਾਈਜ਼ਰ ਲਖਵਿੰਦਰਪਾਲ ਦੀ ਅਗਵਾਈ ਹੇਠ ਟੀਮਾਂ ਨੇ ਪ੍ਰੀਤ ਕਾਲੋਨੀ ਅਤੇ ਹੋਰ ਸੰਵੇਦਨਸ਼ੀਲ ਇਲਾਕਿਆਂ ਵਿੱਚ ਘਰ-ਘਰ ਜਾ ਕੇ ਕੂਲਰਾਂ, ਗਮਲਿਆਂ, ਟਾਇਰਾਂ ਅਤੇ ਹੋਰ ਪਾਣੀ ਵਾਲੇ ਬਰਤਨਾਂ ਦੀ ਜਾਂਚ ਕੀਤੀ।

ਜਾਂਚ ਦੌਰਾਨ ਲੋਕਾਂ ਨੂੰ ਸਪੱਸ਼ਟ ਕੀਤਾ ਗਿਆ ਕਿ ਡੇਂਗੂ ਫੈਲਾਉਣ ਵਾਲਾ ਏਡੀਜ਼ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ। ਇਸ ਲਈ ਹਫ਼ਤੇ ਵਿਚ ਘੱਟੋ-ਘੱਟ ਇਕ ਦਿਨ ਕੂਲਰ, ਫਰਿੱਜ ਦੀ ਟਰੇ, ਗਮਲੇ ਅਤੇ ਹੋਰ ਪਾਣੀ ਵਾਲੇ ਬਰਤਨਾਂ ਨੂੰ ਪੂਰੀ ਤਰ੍ਹਾਂ ਸੁੱਕਾਉਣਾ ਬਹੁਤ ਜ਼ਰੂਰੀ ਹੈ। ਸਿਹਤ ਟੀਮਾਂ ਨੇ ਲੋਕਾਂ ਨੂੰ ਬੁਖ਼ਾਰ, ਸਿਰ ਦਰਦ ਅਤੇ ਸਰੀਰ ਦਰਦ ਵਰਗੇ ਲੱਛਣ ਦਿਖਾਈ ਦੇਣ 'ਤੇ ਤੁਰੰਤ ਸਰਕਾਰੀ ਸਿਹਤ ਕੇਂਦਰ ਵਿਚ ਜਾਂਚ ਕਰਵਾਉਣ ਦੀ ਸਲਾਹ ਵੀ ਦਿੱਤੀ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਡੇਂਗੂ ਨੂੰ ਰੋਕਣ ਲਈ ਸਿਰਫ਼ ਸਰਕਾਰੀ ਮੁਹਿੰਮ ਹੀ ਕਾਫ਼ੀ ਨਹੀਂ, ਸਗੋਂ ਹਰ ਨਾਗਰਿਕ ਨੂੰ ਆਪਣੇ ਘਰ ਅਤੇ ਆਲੇ-ਦੁਆਲੇ ਸਫ਼ਾਈ ਰੱਖਣ ਅਤੇ ਪਾਣੀ ਇਕੱਠਾ ਨਾ ਹੋਣ ਦੇਣ ਦੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਜਲੰਧਰ

ਅਜੀਤ ਟੀ ਵੀ