JALANDHAR WEATHER

ਵਿਦੇਸ਼ ਵਿਚ ਜਾਨ ਗਵਾਉਣ ਵਾਲੇ ਨੌਜਵਾਨ ਦਾ ਮ੍ਰਿਤਕ ਸਰੀਰ ਵਤਨ ਪੁੱਜਿਆ

ਅਜਨਾਲਾ, 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਬੁਲਗਾਰੀਆ ਵਿਚ ਸੁਨਹਿਰੇ ਭਵਿੱਖ ਦੀ ਆਸ ਲੈ ਕੇ ਗਏ ਅਜਨਾਲਾ ਦੇ ਨੌਜਵਾਨ ਪਲਵਿੰਦਰ ਸਿੰਘ ਦੀ ਪਿਛਲੇ ਮਹੀਨੇ ਬੁਲਗਾਰੀਆ ਵਿਚ ਵਾਪਰੇ ਦਰਦਨਾਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ, ਲਗਭਗ ਇਕ ਮਹੀਨੇ ਦੀ ਲੰਮੀ ਉਡੀਕ ਤੋਂ ਬਾਅਦ ਅੱਜ ਜਦੋਂ ਦਿੱਲੀ ਹਵਾਈ ਅੱਡੇ ਤੋਂ ਐਂਬੂਲੈਂਸ ਰਾਹੀਂ ਪਲਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਆਪਣੇ ਜੱਦੀ ਸ਼ਹਿਰ ਅਜਨਾਲਾ ਪੁੱਜਿਆ ਤਾਂ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਮ੍ਰਿਤਕ ਦੇਹ ਦੇ ਦਰਸ਼ਨ ਕਰਦੇ ਹੀ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਮਾਂ ਦੀਆਂ ਚੀਕਾਂ, ਪਿਤਾ ਦੀਆਂ ਨਮ ਅੱਖਾਂ ਅਤੇ ਭੈਣ-ਭਰਾਵਾਂ ਦੇ ਵਿਰਲਾਪ ਨੇ ਹਰ ਵਿਅਕਤੀ ਦੀਆਂ ਅੱਖਾਂ ਨਮ ਕਰ ਦਿੱਤੀਆਂ।

ਜਿਹੜਾ ਪੁੱਤ ਘਰੋਂ ਸੁਪਨਿਆਂ ਦੀ ਉਡਾਣ ਭਰਨ ਲਈ ਵਿਦੇਸ਼ ਗਿਆ ਸੀ, ਉਹ ਅੱਜ ਤਬੂਤ ਵਿਚ ਬੰਦ ਹੋ ਕੇ ਮ੍ਰਿਤਕ ਦੇਹ ਦੇ ਰੂਪ ਵਿਚ ਆਪਣੇ ਵਤਨ ਵਾਪਸ ਆਇਆ। ਪਲਵਿੰਦਰ ਸਿੰਘ ਨੂੰ ਅੰਤਿਮ ਵਿਦਾਇਗੀ ਦੇਣ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋ ਤੋਂ ਇਲਾਵਾ ਇਲਾਕੇ ਦੇ ਸੈਂਕੜੇ ਲੋਕ, ਰਿਸ਼ਤੇਦਾਰ, ਦੋਸਤ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਵੱਡੀ ਗਿਣਤੀ ਵਿਚ ਪਹੁੰਚੀਆਂ। ਅਜਨਾਲਾ ਦੇ ਸ਼ਿਵਪੁਰੀ ਸ਼ਮਸ਼ਾਨਘਾਟ ਵਿਖੇ ਗਮਗੀਨ ਮਾਹੌਲ ਵਿੱਚ ਪਲਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਗਿਆ। ਪਲਵਿੰਦਰ ਸਿੰਘ ਦੇ ਚਾਚਾ ਕੁਲਵੰਤ ਸਿੰਘ ਨੇ ਦੱਸਿਆ ਕਿ ਪਲਵਿੰਦਰ ਸਿੰਘ ਵਿਦੇਸ਼ ਵਿਚ ਮਿਹਨਤ ਕਰਕੇ ਆਪਣੇ ਪਰਿਵਾਰ ਦੇ ਸੁਪਨੇ ਪੂਰੇ ਕਰਨ ਲਈ ਗਿਆ ਸੀ, ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।

ਇਕ ਸੜਕ ਹਾਦਸੇ ਨੇ ਪਰਿਵਾਰ ਦੀਆਂ ਸਾਰੀਆਂ ਉਮੀਦਾਂ ਅਤੇ ਖੁਸ਼ੀਆਂ ਇਕ ਪਲ ਵਿਚ ਉਜਾੜ ਦਿੱਤੀਆਂ। ਉਨ੍ਹਾਂ ਭਰੇ ਮਨ ਨਾਲ ਦੱਸਿਆ ਕਿ ਪਲਵਿੰਦਰ ਸਿੰਘ ਦੀ ਮ੍ਰਿਤਕ ਦੇ ਵਾਪਸ ਲਿਆਉਣ ਲਈ ਸਰਕਾਰ ਨੇ ਸਾਡੀ ਕੋਈ ਮਦਦ ਨਹੀਂ ਕੀਤੀ, ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਇਸ ਦੁੱਖ ਦੀ ਘੜੀ ਵਿਚ ਸਾਡੇ ਪਰਿਵਾਰ ਦੀ ਬਾਂਹ ਫੜੀ ਜਾਵੇI ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਪਲਵਿੰਦਰ ਸਿੰਘ ਦੀ ਬੇਵਕਤੀ ਮੌਤ ਤੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖ਼ਸ਼ਣ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ