ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ- ਡੀ.ਐਸ.ਪੀ.
ਗੁਰੂਹਰਸਹਾਏ, 4 ਜੁਲਾਈ (ਕਪਿਲ ਕੰਧਾਰੀ)- ਕੱਲ੍ਹ 5 ਜੁਲਾਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਪ੍ਰਗਟਾਵਾ ਡੀ.ਐਸ.ਪੀ. ਤਜਿੰਦਰ ਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਲਈ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਚੋਣ ਬੂਥਾਂ ਦੇ ਆਲੇ-ਦੁਆਲੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਸੰਵੇਦਨਸ਼ੀਲ ਬੂਥਾਂ ਉੱਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ।
ਡੀ.ਐਸ.ਪੀ. ਤਜਿੰਦਰ ਪਾਲ ਸਿੰਘ ਨੇ ਕਿਹਾ ਕਿ ਪੁਲਿਸ ਦਾ ਮੁੱਖ ਉਦੇਸ਼ ਹਰ ਵੋਟਰ ਨੂੰ ਬਿਨਾਂ ਕਿਸੇ ਡਰ, ਦਬਾਅ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇਗੀ ਅਤੇ ਕਿਸੇ ਵੀ ਵਿਅਕਤੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਅਮਨ-ਕਾਨੂੰਨ ਦੀ ਸਥਿਤੀ ਖ਼ਰਾਬ ਕਰਨ, ਵੋਟਰਾਂ ਨੂੰ ਡਰਾਉਣ-ਧਮਕਾਉਣ, ਗੈਰ-ਕਾਨੂੰਨੀ ਇਕੱਠ ਕਰਨ ਜਾਂ ਚੋਣ ਪ੍ਰਕਿਰਿਆ ਵਿਚ ਰੁਕਾਵਟ ਪੈਦਾ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਸ ਤੋਂ ਇਲਾਵਾ ਪੁਲਿਸ ਦੀਆਂ ਟੀਮਾਂ ਲਗਾਤਾਰ ਗਸ਼ਤ ਕਰਨਗੀਆਂ ਅਤੇ ਹਰ ਗਤੀਵਿਧੀ ਉੱਤੇ ਨਜ਼ਰ ਰੱਖਣਗੀਆਂ। ਡੀ.ਐਸ.ਪੀ. ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦੇ ਹੋਏ ਚੋਣ ਪ੍ਰਕਿਰਿਆ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਸ਼ੱਕੀ ਗਤੀਵਿਧੀ ਜਾਂ ਕਾਨੂੰਨ ਦੀ ਉਲੰਘਣਾ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪੁਲਿਸ ਪ੍ਰਸ਼ਾਸਨ ਨਗਰ ਕੌਂਸਲ ਚੋਣਾਂ ਨੂੰ ਪੂਰੀ ਤਰ੍ਹਾਂ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ ਅਤੇ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ।
;
;
;
;
;
;
;
;