ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਗੁਰਦੁਆਰਾ ਸ੍ਰੀ ਨਾਨਕਮੱਤਾ ਸਾਹਿਬ ਵਿਖੇ ਮੱਥਾ ਟੇਕਿਆ
ਟਨਕਪੁਰ (ਉੱਤਰਾਖੰਡ), 6 ਜੁਲਾਈ- ਰੇਲਵੇ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਨਵੀਂ ਸ਼ੁਰੂ ਕੀਤੀ ਗਈ 17631/17632 ਨਾਂਦੇੜ–ਟਨਕਪੁਰ–ਨਾਂਦੇੜ ਹਫ਼ਤਾਵਾਰੀ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਇਸ ਨਵੀਂ ਰੇਲ ਸੇਵਾ ਨੂੰ ਧਾਰਮਿਕ ਸੈਰ-ਸਪਾਟੇ, ਖੇਤਰੀ ਸੰਪਰਕ ਅਤੇ ਰਾਸ਼ਟਰੀ ਏਕਤਾ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਇਤਿਹਾਸਕ ਕਦਮ ਕਰਾਰ ਦਿੱਤਾ।
ਇਸ ਮੌਕੇ ਆਯੋਜਿਤ ਸਮਾਗਮ ਵਿਚ ਕੇਂਦਰੀ ਰੇਲ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਣਵ ਨੇ ਵਰਚੁਅਲ ਮਾਧਿਅਮ ਰਾਹੀਂ ਸ਼ਮੂਲੀਅਤ ਕਰਦਿਆਂ ਸਮਾਗਮ ਦੀ ਅਧਿਆਕਸ਼ਤਾ ਕੀਤੀ। ਕੇਂਦਰੀ ਰਾਜ ਮੰਤਰੀ ਅਜੈ ਟਮਟਾ, ਜਿਨ੍ਹਾਂ ਦਾ ਸੰਸਦੀ ਹਲਕਾ ਟਨਕਪੁਰ ਹੈ, ਸਮਾਗਮ ਵਿਚ ਸ਼ਾਮਲ ਹੋਏ। ਇਸ ਤੋਂ ਇਲਾਵਾ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫਡਣਵੀਸ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਵੀ ਵਰਚੁਅਲ ਮਾਧਿਅਮ ਰਾਹੀਂ ਸਮਾਗਮ ਨੂੰ ਸੰਬੋਧਨ ਕੀਤਾ।
ਆਪਣੇ ਸੰਬੋਧਨ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਹ ਨਵੀਂ ਹਫ਼ਤਾਵਾਰੀ ਰੇਲ ਸੇਵਾ ਮਾਂ ਪੂਰਨਾਗਿਰੀ ਧਾਮ ਦੇ ਪ੍ਰਵੇਸ਼ ਦੁਆਰ ਟਨਕਪੁਰ ਅਤੇ ਸਿੱਖ ਧਰਮ ਦੇ ਪੰਜ ਤਖ਼ਤਾਂ ਵਿਚੋਂ ਇਕ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਚਕਾਰ ਸਿੱਧਾ ਰੇਲ ਸੰਪਰਕ ਸਥਾਪਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਸੇਵਾ ਸ਼ਰਧਾਲੂਆਂ, ਸੈਲਾਨੀਆਂ ਅਤੇ ਆਮ ਯਾਤਰੀਆਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋਵੇਗੀ ਅਤੇ ਉੱਤਰੀ ਭਾਰਤ ਅਤੇ ਦੱਖਣੀ ਭਾਰਤ ਵਿਚਕਾਰ ਸੁਗਮ ਅਤੇ ਨਿਰਵਿਘਨ ਰੇਲ ਸੰਪਰਕ ਮੁਹੱਈਆ ਕਰਵਾਏਗੀ।
ਉਨ੍ਹਾਂ ਦੱਸਿਆ ਕਿ ਇਹ ਹਫ਼ਤਾਵਾਰੀ ਐਕਸਪ੍ਰੈੱਸ ਹਰ ਐਤਵਾਰ ਨਾਂਦੇੜ ਤੋਂ ਰਵਾਨਾ ਹੋ ਕੇ ਮੰਗਲਵਾਰ ਸਵੇਰੇ ਟਨਕਪੁਰ ਪਹੁੰਚੇਗੀ, ਜਦਕਿ ਵਾਪਸੀ ਵਿਚ ਹਰ ਮੰਗਲਵਾਰ ਟਨਕਪੁਰ ਤੋਂ ਰਵਾਨਾ ਹੋ ਕੇ ਦੋਵੇਂ ਮਹੱਤਵਪੂਰਨ ਧਾਰਮਿਕ ਅਸਥਾਨਾਂ ਵਿਚਕਾਰ ਸਿੱਧੀ ਅਤੇ ਸੁਵਿਧਾਜਨਕ ਰੇਲ ਸੇਵਾ ਪ੍ਰਦਾਨ ਕਰੇਗੀ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉੱਤਰਾਖੰਡ ਦਾ ਸਿੱਖ ਭਾਈਚਾਰੇ ਨਾਲ ਇਤਿਹਾਸਕ ਅਤੇ ਡੂੰਘਾ ਰਿਸ਼ਤਾ ਰਿਹਾ ਹੈ। ਖ਼ਾਸ ਕਰਕੇ ਊਧਮ ਸਿੰਘ ਨਗਰ ਸਮੇਤ ਤਰਾਈ ਖੇਤਰ ਵਿਚ ਵੱਸਦੇ ਸਿੱਖ ਭਾਈਚਾਰੇ ਨੇ ਆਜ਼ਾਦੀ ਤੋਂ ਬਾਅਦ ਖੇਤੀਬਾੜੀ, ਆਰਥਿਕ ਵਿਕਾਸ ਅਤੇ ਸਮਾਜਿਕ ਤਰੱਕੀ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਇਹ ਨਵੀਂ ਰੇਲ ਸੇਵਾ ਪੰਜਾਬ, ਉੱਤਰਾਖੰਡ ਅਤੇ ਮਹਾਰਾਸ਼ਟਰ ਦਰਮਿਆਨ ਇਤਿਹਾਸਕ, ਸੱਭਿਆਚਾਰਕ ਅਤੇ ਆਧਿਆਤਮਿਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਸ਼ਰਧਾਲੂਆਂ ਅਤੇ ਆਮ ਨਾਗਰਿਕਾਂ ਲਈ ਆਵਾਜਾਈ ਨੂੰ ਹੋਰ ਆਸਾਨ ਬਣਾਏਗੀ।
ਇਸ ਤੋਂ ਪਹਿਲਾਂ ਸਰਦਾਰ ਰਵਨੀਤ ਸਿੰਘ ਬਿੱਟੂ ਨੇ ਗੁਰਦੁਆਰਾ ਸ੍ਰੀ ਨਾਨਕਮੱਤਾ ਸਾਹਿਬ ਵਿਖੇ ਮੱਥਾ ਟੇਕਿਆ। ਇਹ ਪਵਿੱਤਰ ਅਸਥਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਹਿਲੀ ਉਦਾਸੀ ਨਾਲ ਸੰਬੰਧਿਤ ਹੈ ਅਤੇ ਸਿੱਖ ਧਰਮ ਦੇ ਪ੍ਰਮੁੱਖ ਤੀਰਥ ਅਸਥਾਨਾਂ ਵਿੱਚੋਂ ਇੱਕ ਹੈ। ਉਨ੍ਹਾਂ ਦੇਸ਼ ਦੀ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ ਅਤੇ ਕਿਹਾ ਕਿ "ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ" ਦਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਮਰ ਸੰਦੇਸ਼ ਅੱਜ ਵੀ ਸਮਾਜ ਨੂੰ ਸਦਭਾਵਨਾ, ਸੇਵਾ ਅਤੇ ਮਨੁੱਖਤਾ ਦੇ ਰਾਹ 'ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇਸ਼ ਦੀ ਸਮ੍ਰਿੱਧ ਆਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਅਤੇ ਪ੍ਰਸਾਰ ਦੇ ਨਾਲ-ਨਾਲ ਆਧੁਨਿਕ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਪ੍ਰਮੁੱਖ ਧਾਰਮਿਕ ਸਥਾਨਾਂ ਤੱਕ ਰੇਲ ਸੰਪਰਕ ਦਾ ਵਿਸਥਾਰ ਇਸ ਵਚਨਬੱਧਤਾ ਦਾ ਪ੍ਰਮਾਣ ਹੈ, ਜਿਸ ਨਾਲ ਸ਼ਰਧਾਲੂਆਂ ਨੂੰ ਸੁਰੱਖਿਅਤ, ਸੁਗਮ ਅਤੇ ਆਰਾਮਦਾਇਕ ਯਾਤਰਾ ਦੀ ਸਹੂਲਤ ਮਿਲ ਰਹੀ ਹੈ।
ਰਵਨੀਤ ਬਿੱਟੂ ਨੇ ਇਸ ਨਵੀਂ ਰੇਲ ਸੇਵਾ ਦੇ ਸ਼ੁਭ ਆਰੰਭ ਲਈ ਰੇਲ ਮੰਤਰਾਲੇ, ਉੱਤਰਾਖੰਡ ਸਰਕਾਰ ਅਤੇ ਸਾਰੇ ਸੰਬੰਧਿਤ ਪੱਖਾਂ ਨੂੰ ਵਧਾਈ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਰੇਲਗੱਡੀ ਸ਼ਰਧਾਲੂਆਂ, ਕਿਸਾਨਾਂ, ਵਪਾਰੀਆਂ, ਵਿਦਿਆਰਥੀਆਂ ਅਤੇ ਆਮ ਯਾਤਰੀਆਂ ਲਈ ਇੱਕ ਮਹੱਤਵਪੂਰਨ ਜੀਵਨ ਰੇਖਾ ਸਾਬਤ ਹੋਵੇਗੀ ਅਤੇ ਦੇਸ਼ ਦੇ ਵੱਖ-ਵੱਖ ਖੇਤਰਾਂ ਵਿਚਕਾਰ ਸਮਾਜਿਕ, ਸੱਭਿਆਚਾਰਕ ਅਤੇ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ।
;
;
;
;
;
;
;