ਸਿਟ ਦੀ ਜਾਂਚ 'ਚ ਪੂਰਾ ਸਹਿਯੋਗ ਦੇਵਾਂਗੇ, ਪਰ ਅਸਲ ਦਸਤਾਵੇਜ਼ ਵਿਖਾਏ ਜਾਣ- ਵਿਜੇ ਸਾਂਪਲਾ
ਚੰਡੀਗੜ੍ਹ, 7 ਜੁਲਾਈ (ਸੰਦੀਪ ਕੁਮਾਰ ਮਾਹਨਾ) - ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਨੇ ਮੰਗਲਵਾਰ ਨੂੰ ਸਿਟ ਅੱਗੇ ਪੇਸ਼ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਦਾ ਗੋਲੀਕਾਂਡ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਪਾਰਟੀ ਸ਼ੁਰੂ ਤੋਂ ਹੀ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਿਟ ਦੀ ਜਾਂਚ ਵਿੱਚ ਉਹ ਪੂਰਾ ਸਹਿਯੋਗ ਕਰਨਗੇ, ਪਰ ਜਾਂਚ ਦੌਰਾਨ ਦਿਖਾਏ ਗਏ ਦਸਤਾਵੇਜ਼ਾਂ ਦੀ ਪ੍ਰਮਾਣਿਤ ਕਾਪੀ (ਸਰਟੀਫਾਈਡ ਕਾਪੀ) ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ।
ਸਾਂਪਲਾ ਨੇ ਦੱਸਿਆ ਕਿ ਇਹ ਚੌਥੀ ਵਾਰ ਹੈ ਜਦੋਂ ਉਨ੍ਹਾਂ ਨੂੰ ਸਿਟ ਵਲੋਂ ਨੋਟਿਸ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਸਿਟ ਵੱਲੋਂ 12 ਜਨਵਰੀ 2018 ਨੂੰ ਰਾਜਪਾਲ ਨੂੰ ਦਿੱਤੇ ਗਏ ਮੰਗ-ਪੱਤਰ ਦੀਆਂ ਸਿਰਫ਼ ਫੋਟੋਕਾਪੀਆਂ ਦਿਖਾਈਆਂ ਗਈਆਂ ਹਨ, ਜਦਕਿ ਅਸਲ ਦਸਤਾਵੇਜ਼ ਪੇਸ਼ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਜਦੋਂ ਤੱਕ ਅਸਲ ਰਿਕਾਰਡ ਜਾਂ ਪ੍ਰਮਾਣਿਤ ਕਾਪੀਆਂ ਨਹੀਂ ਦਿੱਤੀਆਂ ਜਾਂਦੀਆਂ, ਦਸਤਾਵੇਜ਼ਾਂ ਦੀ ਪ੍ਰਮਾਣਿਕਤਾ 'ਤੇ ਸਵਾਲ ਬਣੇ ਰਹਿੰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਦਸਤਾਵੇਜ਼ਾਂ ਨਾਲ ਛੇੜਛਾੜ ਜਾਂ ਏ.ਆਈ. ਰਾਹੀਂ ਤਿਆਰ ਕੀਤੀਆਂ ਕਾਪੀਆਂ ਵੀ ਹੋ ਸਕਦੀਆਂ ਹਨ, ਇਸ ਲਈ ਸਰਟੀਫਾਈਡ ਕਾਪੀਆਂ ਦੀ ਮੰਗ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸਿਟ ਵੱਲੋਂ ਦਿਖਾਏ ਗਏ ਦਸਤਾਵੇਜ਼ਾਂ ਦੇ ਆਧਾਰ 'ਤੇ ਉਹ ਆਪਣਾ ਰਿਕਾਰਡ ਵੀ ਖੰਗਾਲਣਗੇ ਅਤੇ ਜਾਂਚ ਏਜੰਸੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ। ਸਾਂਪਲਾ ਨੇ ਦੱਸਿਆ ਕਿ ਸਿਟ ਵੱਲੋਂ ਦਿਖਾਏ ਗਏ ਦਸਤਾਵੇਜ਼ਾਂ ਮੁਤਾਬਕ ਉਸ ਸਮੇਂ ਦੀ ਅਕਾਲੀ-ਭਾਜਪਾ ਗਠਜੋੜ ਸਰਕਾਰ ਦੌਰਾਨ ਗੋਲੀਕਾਂਡ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਤੋਂ ਕਰਵਾਉਣ ਦੀ ਅਪੀਲ ਕੀਤੀ ਗਈ ਸੀ, ਪਰ ਸਿਟ ਨੇ ਇਸ ਸਬੰਧੀ ਸਾਦੇ ਕਾਗਜ਼ ਦੀ ਕਾਪੀ ਹੀ ਵਿਖਾਈ ਹੈ। ਉਨ੍ਹਾਂ ਕਿਹਾ ਕਿ ਅਸਲ ਦਸਤਾਵੇਜ਼ ਸਾਹਮਣੇ ਲਿਆਂਦੇ ਜਾਣੇ ਚਾਹੀਦੇ ਹਨ।
ਭਗਵੰਤ ਮਾਨ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਸਾਂਪਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਗੋਲੀਕਾਂਡ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਬਣਨ ਦੇ ਸਾਢੇ ਚਾਰ ਸਾਲ ਬਾਅਦ ਵੀ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ। ਉਨ੍ਹਾਂ ਦੋਸ਼ ਲਾਇਆ ਕਿ ਜੇਕਰ ਸਰਕਾਰ ਦੀ ਨੀਅਤ ਸੱਚਮੁੱਚ ਇਨਸਾਫ਼ ਦੇਣ ਦੀ ਹੁੰਦੀ ਤਾਂ ਅਜਿਹੇ ਹੱਥਕੰਡੇ ਅਪਣਾਉਣ ਦੀ ਥਾਂ ਜਾਂਚ ਨੂੰ ਨਤੀਜੇ ਤੱਕ ਪਹੁੰਚਾਇਆ ਜਾਂਦਾ।
ਸਾਂਪਲਾ ਨੇ ਇਹ ਵੀ ਦੋਸ਼ ਲਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਜਾਰੀ ਫ਼ਰਮਾਨ ਅਤੇ ਸਿੱਖ ਵਿਧਾਇਕਾਂ ਨੂੰ ਤਲਬ ਕੀਤੇ ਜਾਣ ਤੋਂ ਬਾਅਦ ਸਰਕਾਰ ਦੀ ਹੋਈ ਫ਼ਜੀਹਤ ਅਤੇ ਸੂਬੇ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਐਡਵੋਕੇਟ ਐਨ. ਕੇ. ਵਰਮਾ, ਐਡਵੋਕੇਟ ਪ੍ਰੇਮਜੀਤ ਸਿੰਘ ਹੁੰਦਲ ਅਤੇ ਐਡਵੋਕੇਟ ਸਤੀਸ਼ ਬਲਿਆਨ ਵੀ ਹਾਜ਼ਰ ਸਨ।
;
;
;
;
;
;
;
;