ਪ੍ਰਾਪਰਟੀ ਡੀਲ ਦੇ ਨਾਂ 'ਤੇ 2.25 ਕਰੋੜ ਦੀ ਕਥਿਤ ਠੱਗੀ
7 ਨਾਮਜ਼ਦ, ਗ੍ਰਿਫ਼ਤਾਰ ਮੁਲਜ਼ਮਾਂ ਦਾ 3 ਦਿਨ ਦਾ ਪੁਲਿਸ ਰਿਮਾਂਡ
ਲੁਧਿਆਣਾ, 7 ਜੁਲਾਈ (ਪਰਮਿੰਦਰ ਸਿੰਘ ਅਹੂਜਾ /ਪ੍ਰਦੀਪ ਭੰਡਾਰੀ)- ਲੁਧਿਆਣਾ ਵਿੱਚ ਪ੍ਰਾਪਰਟੀ ਡੀਲ ਦੇ ਨਾਂ 'ਤੇ ਕਰੋੜਾਂ ਰੁਪਏ ਦੀ ਕਥਿਤ ਠੱਗੀ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਰਾਭਾ ਨਗਰ ਪੁਲਿਸ ਨੇ ਕਰੀਬ 2 ਕਰੋੜ 25 ਲੱਖ ਰੁਪਏ ਦੀ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ 7 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਦੋਸ਼ ਹੈ ਕਿ ਮੁਲਜ਼ਮਾਂ ਨੇ ਪ੍ਰਾਪਰਟੀ ਵੇਚਣ ਦਾ ਝਾਂਸਾ ਦੇ ਕੇ ਪੀੜਤ ਤੋਂ ਵੱਡੀ ਰਕਮ ਹਾਸਲ ਕੀਤੀ, ਪਰ ਨਾ ਰਜਿਸਟਰੀ ਕਰਵਾਈ ਅਤੇ ਨਾ ਹੀ ਪੈਸੇ ਵਾਪਸ ਕੀਤੇ।
ਐਫ.ਆਈ.ਆਰ ਮੁਤਾਬਕ ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਵੱਖ-ਵੱਖ ਸਮਿਆਂ ਦੌਰਾਨ ਉਸ ਤੋਂ ਕਰੀਬ 2.25 ਕਰੋੜ ਰੁਪਏ ਲਏ ਅਤੇ ਹਰ ਵਾਰ ਜਲਦ ਰਜਿਸਟਰੀ ਕਰਵਾਉਣ ਦਾ ਭਰੋਸਾ ਦਿੰਦੇ ਰਹੇ। ਪਰ ਲੰਬੇ ਸਮੇਂ ਤੱਕ ਨਾ ਤਾਂ ਪ੍ਰਾਪਰਟੀ ਦੀ ਰਜਿਸਟਰੀ ਹੋਈ ਅਤੇ ਨਾ ਹੀ ਉਸ ਦੀ ਰਕਮ ਵਾਪਸ ਕੀਤੀ ਗਈ। ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਸਰਾਭਾ ਨਗਰ ਪੁਲਿਸ ਨੇ ਧੋਖਾਧੜੀ, ਜਾਲਸਾਜ਼ੀ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਪੁਲਿਸ ਨੂੰ ਤਿੰਨ ਦਿਨ ਦਾ ਰਿਮਾਂਡ ਮਿਲਿਆ ਹੈ। ਹੁਣ ਰਿਮਾਂਡ ਦੌਰਾਨ ਪੁਲਿਸ ਮੁਲਜ਼ਮਾਂ ਤੋਂ ਪੈਸਿਆਂ ਦੇ ਲੈਣ-ਦੇਣ, ਪ੍ਰਾਪਰਟੀ ਨਾਲ ਜੁੜੇ ਦਸਤਾਵੇਜ਼ਾਂ ਅਤੇ ਇਸ ਕਥਿਤ ਕਰੋੜਾਂ ਦੀ ਠੱਗੀ ਦੇ ਪੂਰੇ ਨੈੱਟਵਰਕ ਬਾਰੇ ਡੂੰਘਾਈ ਨਾਲ ਪੁੱਛਗਿੱਛ ਕਰੇਗੀ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੇ ਆਧਾਰ 'ਤੇ ਹੋਰ ਖੁਲਾਸੇ ਵੀ ਹੋ ਸਕਦੇ ਹਨ।
;
;
;
;
;
;
;
;