JALANDHAR WEATHER

ਟਰਾਂਸਫਾਰਮਰ ਨੂੰ ਲੱਗੀ ਅੱਗ, ਦਹਿਲਿਆ ਪਿੰਡ

ਜਗਰਾਉਂ ( ਲੁਧਿਆਣਾ), 16 ਜੁਲਾਈ ( ਕੁਲਦੀਪ ਸਿੰਘ ਲੋਹਟ)- ਜਗਰਾਉਂ ਨੇੜੇ ਪਿੰਡ ਹੇਰਾਂ ਵਿਚ ਵੱਡੀ ਅਤੇ ਚਿੰਤਾਜਨਕ ਖ਼ਬਰ ਵਾਪਰੀ ਹੈ। ਲੰਘੀ ਰਾਤ ਪਿੰਡ ਦੇ ਵਿਚਕਾਰ ਲੱਗਾ ਬਿਜਲੀ ਦਾ ਟ੍ਰਾਂਸਫਾਰਮਰ ਅਚਾਨਕ ਅੱਗ ਦਾ ਭਿਆਨਕ ਗੋਲਾ ਬਣ ਗਿਆ ਤੇ ਕੁਝ ਹੀ ਪਲਾਂ ਵਿਚ ਅੱਗ ਦੀਆਂ ਉੱਚੀਆਂ ਲਪਟਾਂ ਨੇ ਪੂਰੇ ਟਰਾਂਸਫਰ ਨੂੰ ਲਪੇਟ ਵਿਚ ਲੈ ਲਿਆ ਅਤੇ ਧੂੰਏਂ ਦੇ ਗੁਬਾਰ ਦੂਰ-ਦੂਰ ਤੱਕ ਦਿਖਾਈ ਦੇਣ ਲੱਗੇ। ਟ੍ਰਾਂਸਫਾਰਮਰ ਦੇ ਫੱਟਣ ਦਾ ਖ਼ਤਰਾ ਬਣਿਆ ਹੋਇਆ ਸੀ ਤੇ ਲੋਕ ਸਹਿਮ ਕਾਰਨ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਪਿੰਡ ਦੇ ਨੌਜਵਾਨਾਂ ਨੇ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਟ੍ਰਾਂਸਫਾਰਮਰ ਵਿਚੋਂ ਉੱਠਦੀਆਂ ਅੱਗ ਦੀਆਂ ਲਪਟਾਂ ਨੇ ਪੂਰੇ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਕਈ ਪਰਿਵਾਰਾਂ ਨੇ ਖੁੱਲ੍ਹੇ ਅਸਮਾਨ ਹੇਠ ਰਾਤ ਗੁਜ਼ਾਰੀ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦੇ ਦਿੱਤੀ ਗਈ ਸੀ, ਪਰ ਜਗਰਾਉਂ ਅਤੇ ਮੁੱਲਾਂਪੁਰ ਦਾਖਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਕਥਿਤ ਤੌਰ 'ਤੇ ਕਰੀਬ ਦੋ ਘੰਟੇ ਬਾਅਦ ਮੌਕੇ 'ਤੇ ਪਹੁੰਚੀਆਂ। ਇਸ ਦੌਰਾਨ ਹਾਲਾਤ ਲਗਾਤਾਰ ਗੰਭੀਰ ਬਣੇ ਰਹੇ।

ਐਮਰਜੈਂਸੀ ਮਦਦ ਸਮੇਂ ਸਿਰ ਨਾ ਮਿਲਣ ਕਾਰਨ ਪਿੰਡ ਦੇ ਨੌਜਵਾਨਾਂ ਨੇ ਹਿੰਮਤ ਦਿਖਾਉਂਦਿਆਂ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਅੱਗ 'ਤੇ ਕਾਬੂ ਪਾਉਣ ਲਈ ਯਤਨ ਸ਼ੁਰੂ ਕਰ ਦਿੱਤੇ। ਉਨ੍ਹਾਂ ਦੀ ਸੂਝ-ਬੂਝ ਅਤੇ ਹਿੰਮਤ ਸਦਕਾ ਅੱਗ ਨੂੰ ਹੋਰ ਫੈਲਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਅਤੇ ਸੰਭਾਵਿਤ ਵੱਡਾ ਹਾਦਸਾ ਟਲ ਗਿਆ।

ਅੱਗ ਕਾਰਨ ਪਿੰਡ ਦੇ ਕੁਝ ਹਿੱਸੇ ਦੀ ਬਿਜਲੀ ਸਪਲਾਈ ਠੱਪ ਹੋ ਗਈ। ਭਿਆਨਕ ਗਰਮੀ ਅਤੇ ਹਨੇਰੇ ਵਿਚ ਪਿੰਡ ਵਾਸੀਆਂ ਨੂੰ ਸਾਰੀ ਰਾਤ ਜਾਗ ਕੇ ਗੁਜ਼ਾਰਨੀ ਪਈ। ਸਭ ਤੋਂ ਵੱਧ ਮੁਸ਼ਕਿਲ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਲੋਕਾਂ ਨੂੰ ਝੱਲਣੀ ਪਈ। ਇਸ ਘਟਨਾ ਵਿਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ, ਪਰ ਫਾਇਰ ਬ੍ਰਿਗੇਡ ਦੀ ਕਥਿਤ ਦੇਰੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ ਹੈ। ਫਾਇਰ ਬ੍ਰਿਗੇਡ ਦੇ ਪਹੁੰਚਣ ਉਪਰੰਤ ਕਰੀਬ ਅੱਧੀ ਰਾਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਫਾਇਰ ਬ੍ਰਿਗੇਡ ਆਪ੍ਰੇਟਰ ਨਵਜੋਤ ਸਿੰਘ ਨੇ ਦੋਸ਼ਾਂ ਨੂੰ ਨਕਾਰਿਆ ਹੈ। ਉਨ੍ਹਾਂ ਆਖਿਆ ਕਿ ਉਹ 15 ਮਿੰਟਾਂ ਵਿਚ ਪਹੁੰਚ ਗਏ ਸਨ ਤੇ ਅੱਗ 'ਤੇ ਕਾਬੂ ਪਾ ਲਿਆ ਸੀ। ਪਿੰਡ ਵਾਸੀਆਂ ਦੀ ਮੰਗ ਹੈ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਟ੍ਰਾਂਸਫਾਰਮਰ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇ ਅਤੇ ਐਮਰਜੈਂਸੀ ਸੇਵਾਵਾਂ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ, ਤਾਂ ਜੋ ਭਵਿੱਖ ਵਿਚ ਕਿਸੇ ਲਾਪਰਵਾਹੀ ਕਾਰਨ ਕੋਈ ਵੱਡਾ ਜਾਨੀ ਜਾਂ ਮਾਲੀ ਨੁਕਸਾਨ ਨਾ ਹੋਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ