ਪ੍ਰਧਾਨ ਮੰਤਰੀ ਮੋਦੀ ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਹਾਈ ਅਲਰਟ, ਪੁਲਿਸ ਵਲੋਂ ਚਲਾਈ ਜਾ ਰਹੀ ਹੈ ਵਿਸ਼ੇਸ਼ ਚੈਕਿੰਗ ਮੁਹਿੰਮ
ਜ਼ੀਰਕਪੁਰ (ਮੋਹਾਲੀ), 16 ਜੁਲਾਈ (ਮਨਿੰਦਰ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਸ਼ਹਿਰ ਵਿਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਪੰਜਾਬ ਪੁਲਿਸ ਵਲੋਂ ਜ਼ੀਰਕਪੁਰ-ਚੰਡੀਗੜ੍ਹ ਸਰਹੱਦ 'ਤੇ ਵਿਸ਼ੇਸ਼ ਚੌਕੀਆਂ ਬਣਾ ਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ੀਰਕਪੁਰ ਪੁਲਿਸ ਵਲੋਂ ਚਾਰ ਥਾਵਾਂ 'ਤੇ ਵਿਸ਼ੇਸ਼ ਚੌਕੀਆਂ ਸਥਾਪਤ ਕੀਤੀਆਂ ਗਈਆਂ ਹਨ, ਜੋ ਹਰ ਵਿਅਕਤੀ ਅਤੇ ਵਾਹਨ ਦੀ ਨਿਗਰਾਨੀ ਕਰ ਰਹੀਆਂ ਹਨ।
ਜ਼ੀਰਕਪੁਰ ਪੁਲਿਸ ਵਲੋਂ ਵੀ. ਆਈ. ਪੀ. ਰੋਡ, ਲੋਹਗੜ੍ਹ ਰੋਡ, ਭਬਾਤ ਖੇਤਰ ਅਤੇ ਚੰਡੀਗੜ੍ਹ ਬੈਰੀਅਰ 'ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਵੀ ਚਲਾਈ ਗਈ ਹੈ। ਚੰਡੀਗੜ੍ਹ ਬੈਰੀਅਰ ਤੋਂ ਲੰਘਣ ਵਾਲੇ ਸਾਰੇ ਵੱਡੇ ਅਤੇ ਛੋਟੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕਰ ਕੇ ਉਨ੍ਹਾਂ ਦੀ ਜਾਣਕਾਰੀ ਦਰਜ ਕਰ ਰਹੀ ਹੈ। ਸੁਰੱਖਿਆ ਏਜੰਸੀਆਂ ਸੰਵੇਦਨਸ਼ੀਲ ਖੇਤਰਾਂ, ਮੁੱਖ ਐਂਟਰੀ ਪੁਆਇੰਟਾਂ ਅਤੇ ਸਰਹੱਦੀ ਚੌਕੀਆਂ 'ਤੇ ਵਿਸ਼ੇਸ਼ ਚੌਕਸੀ ਰੱਖ ਰਹੀਆਂ ਹਨ। ਸੁਰੱਖਿਆ ਦੀ ਉਲੰਘਣਾ ਨਾ ਹੋਵੇ, ਇਸ ਲਈ ਵਾਧੂ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ।
ਜ਼ੀਰਕਪੁਰ ਪੁਲਿਸ ਥਾਣੇ ਦੇ ਇੰਚਾਰਜ ਇੰਸਪੈਕਟਰ ਸਤਿੰਦਰ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਫੇਰੀ ਦੇ ਮੱਦੇਨਜ਼ਰ ਇਕ ਵਿਸ਼ੇਸ਼ ਸੁਰੱਖਿਆ ਮੁਹਿੰਮ ਚਲਾਈ ਜਾ ਰਹੀ ਹੈ। ਚੈਕਿੰਗ ਦੌਰਾਨ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਝੁੱਗੀਆਂ-ਝੌਂਪੜੀਆਂ ਅਤੇ ਹੋਟਲਾਂ ਵਿੱਚ ਵੀ ਜਾਂਚ ਕਰ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸੁਰੱਖਿਆ ਪ੍ਰਬੰਧਾਂ ਸਬੰਧੀ ਕਿਸੇ ਵੀ ਪੱਧਰ 'ਤੇ ਕੋਈ ਲਾਪਰਵਾਹੀ ਨਹੀਂ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਪ੍ਰਸ਼ਾਸਨ ਨੇ ਜਨਤਾ ਨੂੰ ਚੈਕਿੰਗ ਦੌਰਾਨ ਪੁਲਿਸ ਨਾਲ ਸਹਿਯੋਗ ਕਰਨ ਅਤੇ ਆਪਣੇ ਜ਼ਰੂਰੀ ਦਸਤਾਵੇਜ਼ ਆਪਣੇ ਨਾਲ ਰੱਖਣ ਦੀ ਅਪੀਲ ਕੀਤੀ ਹੈ। ਲੋਕਾਂ ਨੂੰ ਬਿਨ੍ਹਾਂ ਕਿਸੇ ਜਾਇਜ਼ ਕਾਰਨ ਵੱਡੀ ਗਿਣਤੀ ਵਿਚ ਇਕੱਠੇ ਹੋਣ ਤੋਂ ਬਚਣ ਦੀ ਵੀ ਅਪੀਲ ਕੀਤੀ ਗਈ ਹੈ।
;
;
;
;
;
;
;
;