ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੇਂਦਰੀ ਤਨਖਾਹ ਸਕੇਲਾਂ ਵਾਲੇ ਪੱਤਰ ਦੀਆਂ ਕਾਪੀਆਂ ਫੂਕ ਕੇ ਕੀਤੀ ਨਾਅਰੇਬਾਜ਼ੀ
ਸੰਗਰੂਰ, 17 ਜੁਲਾਈ (ਧੀਰਜ ਪਸੋਰੀਆ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝ੍ਹਾ ਮੁਲਾਜ਼ਮ ਮੰਚ ਵਲੋਂ ਬਣਾਈ ਗਈ ਸਾਂਝੀ ਤਾਲਮੇਲ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਵਲੋਂ 20 ਜੁਲਾਈ 2020 ਨੂੰ ਜਾਰੀ ਕੀਤੇ ਕੇਂਦਰੀ ਤਨਖਾਹ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਖਿਲਾਫ਼ ਜਬਰਦਸ਼ਤ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਵੱਡੀ ਗਿਣਤੀ ਵਿਚ ਇੱਕਠੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸੰਬੋਧਨ ਕਰਦਿਆਂ ਸੁਖਦੇਵ ਸਿੰਘ ਚੰਗਾਲੀਵਾਲਾ, ਫਲਜੀਤ ਸਿੰਘ, ਦਵਿੰਦਰ ਪਸੌਰ, ਗੁਰਪ੍ਰੀਤ ਕੌਰ, ਫਕੀਰ ਸਿੰਘ ਟਿੱਬਾ, ਸਰਬਜੀਤ ਸਿੰਘ ਪੁੰਨਾਵਾਲ, ਸੁਖਵਿੰਦਰ ਗਿਰ, ਦਾਤਾ ਸਿੰਘ ਨਮੋਲ, ਦੇਵੀ ਦਿਆਲ, ਅਵਤਾਰ ਸਿੰਘ ਭਲਵਾਨ, ਅਸੋਕ ਕੁਮਾਰ, ਵਰਿੰਦਰਜੀਤ ਸਿੰਘ ਬਜਾਜ ਅਤੇ ਜਗਜੀਤ ਸਿੰਘ ਲੱਡਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾਂ ਵਿਚ ਆਉਣ ਤੋਂ ਪਹਿਲਾਂ ਜਿਹੜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ਼ ਜੋ ਵਾਅਦੇ ਕੀਤੇ ਸੀ ਉਨ੍ਹਾਂ ਨੂੰ ਪੂਰਾ ਕਰਨ ਤੋਂ ਭੱਜ ਗਈ ਹੈ, ਮੁੱਖ ਮੰਤਰੀ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਜੱਥੇਬੰਦੀਆਂ ਨਾਲ ਕੋਈ ਵੀ ਮੀਟਿੰਗ ਨਹੀਂ ਕੀਤੀ ਗਈ ਅਤੇ ਚੋਣਾਂ ਤੋਂ ਪਹਿਲਾਂ ਕੀਤੇ ਗਏ ਕਿਸੇ ਵੀ ਵਾਅਦੇ ਨੂੰ ਵਫਾ ਨਹੀਂ ਕੀਤਾ ਗਿਆ।
ਆਗੂਆਂ ਨੇ ਕਿਹਾ ਕਿ ਅੱਜ ਦੇ ਦਿਨ ਹੀ 17 ਜੁਲਾਈ 2020 ਨੂੰ ਪੰਜਾਬ ਸਰਕਾਰ ਵਲੋਂ ਨਵੇਂ ਭਰਤੀ ਮੁਲਾਜ਼ਮਾਂ ਤੇ ਕੇਂਦਰੀ ਸਕੇਲ ਲਾਗੂ ਕਰਨ ਦਾ ਪੱਤਰ ਜਾਰੀ ਕੀਤਾ ਸੀ ਆਗੂਆਂ ਨੇ ਸਖਤ ਨਰਾਜ਼ਗੀ ਜਾਹਿਰ ਕਰਦਿਆਂ ਕਿਹਾ ਕਿ ਸਰਕਾਰ ਨੇ ਕੇਂਦਰੀ ਤਨਖਾਹ ਸਕੇਲ ਹੀ ਲਾਗੂ ਕੀਤੇ ਗਏ ਹਨ ਜਦਕਿ ਕੇਂਦਰੀ ਪੈਟਰਨ ਤੇ ਦਿੱਤੇ ਜਾ ਰਹੇ ਭੱਤੇ ਰੋਕ ਲਏ ਹਨ। ਇਸ ਆਮ ਆਦਮੀ ਦੀ ਸਰਕਾਰ ਵਲੋਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਮਤਰੇਈ ਮਾਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ।
ਆਗੂਆਂ ਨੇ ਆਪਣੇ ਸੰਬੋਧਨ ਵਿਚ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ ਨਾਂ ਕੀਤਾ ਗਿਆ ਤਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਸਰਕਾਰ ਨੂੰ ਚਲਦਾ ਕਰਨ ਲਈ ਮੁਲਾਜ਼ਮ ਅਤੇ ਪੈਨਸ਼ਨਰ ਨਿਰਣਾਇਕ ਭੂਮਿਕਾ ਨਿਭਾਉਣਗੇ। ਉਨ੍ਹਾਂ ਅੱਗੇ ਦੱਸਿਆ ਕਿ 7 ਅਗਸਤ ਨੂੰ ਮੋਹਾਲੀ ਵਿਖੇ ਹੋਣ ਵਾਲੀ ਮਹਾਂ ਰੈਲੀ ਅਤੇ ਰੋਸ ਮੁਜਹਾਰੇ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ।ਇਸ ਮੌਕੇ ਮਾਲਵਿੰਦਰ ਸਿੰਘ ਸੰਧੂ, ਕੁਲਵਿੰਦਰ ਸਿੰਘ ਢਿੱਲੋਂ, ਰਘਵੀਰ ਸਿੰਘ ਭਵਾਨੀਗੜ, ਜਸਵੀਰ ਸਿੰਘ ਗਿੱਲ, ਅਮਨਦੀਪ ਕੌਰ, ਅੰਮ੍ਰਿਤਪਾਲ ਸਿੰਘ, ਜਗਜੀਤ ਸਿੰਘ ਭੱਠਲ, ਸੇਰਾ ਸਿੰਘ ਰਾਮਗੜ, ਵਿਕਰਮਜੀਤ ਸਿੰਘ, ਬੱਗਾ ਸਿੰਘ, ਨਿਰਮਲ ਸਿੰਘ, ਅਮਨ ਵਸ਼ਿਸ਼ਟ, ਸਤਨਾਮ ਸਿੰਘ, ਅਮਰਪਾਲ ਸਿੰਘ ਅਤੇ ਹੋਰ ਆਗੂ ਵੀ ਮੌਜੂਦ ਸਨ।
;
;
;
;
;
;
;
;