ਪਠਾਨਕੋਟ 'ਚ 'ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ' ਭਜਨ ਸੰਧਿਆ ਵਿਚ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਸ਼ਿਰਕਤ
ਪਠਾਨਕੋਟ, 17 ਜੁਲਾਈ (ਸੰਧੂ )- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਸ਼ਾਮ ਪਠਾਨਕੋਟ ਵਿਖੇ ਕਰਵਾਈ ਗਈ 'ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ' ਭਜਨ ਸੰਧਿਆ ਵਿਚ ਹਜ਼ਾਰਾਂ ਸ਼ਰਧਾਲੂਆਂ ਨਾਲ ਸ਼ਿਰਕਤ ਕਰਦਿਆਂ ਸਨਾਤਨ ਧਰਮ ਅਤੇ ਪੰਜਾਬ ਦੀ ਸਾਂਝੀ ਸੱਭਿਆਚਾਰਕ ਵਿਰਾਸਤ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ।
ਇਸ ਮੌਕੇ ਦੋਵਾਂ ਆਗੂਆਂ ਨੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ, ਧਾਰਮਿਕ ਪਹਿਲਕਦਮੀਆਂ ਅਤੇ ਵਿਕਾਸ ਕਾਰਜਾਂ ਬਾਰੇ ਕਈ ਮਹੱਤਵਪੂਰਨ ਐਲਾਨ ਵੀ ਕੀਤੇ। ਅਰਵਿੰਦ ਕੇਜਰੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਵੱਡੀ ਗਿਣਤੀ ਵਿਚ ਮਹਿਲਾਵਾਂ ਦੇ ਖਾਤਿਆਂ ਵਿਚ ਸਨਮਾਨ ਰਾਸ਼ੀ ਪਹੁੰਚ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਪੂਰੀ ਹੋ ਚੁੱਕੀ ਹੈ ਪਰ ਰਕਮ ਅਜੇ ਤੱਕ ਨਹੀਂ ਮਿਲੀ, ਉਨ੍ਹਾਂ ਦੇ ਖਾਤਿਆਂ ਵਿਚ 1 ਅਗਸਤ ਨੂੰ ਸਿੱਧੀ ਰਕਮ ਜਮ੍ਹਾਂ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਪਠਾਨਕੋਟ ਆ ਕੇ ਇਸ ਦੀ ਸ਼ੁਰੂਆਤ ਕਰਨਗੇ।
ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਪਹਿਲੀ ਵਾਰ ਅਜਿਹਾ ਇਮਾਨਦਾਰ ਮੁੱਖ ਮੰਤਰੀ ਮਿਲਿਆ ਹੈ, ਜਿਸ 'ਤੇ ਇਕ ਰੁਪਏ ਦੇ ਭ੍ਰਿਸ਼ਟਾਚਾਰ ਦਾ ਵੀ ਦੋਸ਼ ਨਹੀਂ ਲੱਗਿਆ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਦਾ ਪੈਸਾ ਭ੍ਰਿਸ਼ਟਾਚਾਰ ਦੀ ਭੇਟ ਚੜ੍ਹਦਾ ਸੀ, ਪਰ ਹੁਣ ਉਹੀ ਰਕਮ ਮੁਫ਼ਤ ਬਿਜਲੀ, ਸਿਹਤ ਬੀਮਾ, ਤੀਰਥ ਯਾਤਰਾ ਯੋਜਨਾਵਾਂ ਅਤੇ ਮਹਿਲਾਵਾਂ ਦੇ ਸਨਮਾਨ ਲਈ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਨਾਤਨ ਧਰਮ ਨਾਲ ਸਬੰਧਤ ਸਮਾਗਮਾਂ ਨੂੰ ਵੀ ਪਹਿਲ ਦਿੱਤੀ ਜਾ ਰਹੀ ਹੈ ਅਤੇ ਪਹਿਲੀ ਵਾਰ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ਵਿਚ 'ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ' ਭਜਨ ਸੰਧਿਆਵਾਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੋਕਾਂ ਵਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ।
ਕੇਜਰੀਵਾਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਵਿਸਥਾਰ ਦਾ ਐਲਾਨ ਕਰਦਿਆਂ ਕਿਹਾ ਕਿ 1 ਅਗਸਤ ਤੋਂ ਖਾਟੂ ਸ਼ਿਆਮ ਜੀ, ਸਾਲਾਸਰ ਬਾਲਾ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਲਈ ਨਵੇਂ ਰੂਟ ਸ਼ੁਰੂ ਕੀਤੇ ਜਾਣਗੇ, ਜਿਨ੍ਹਾਂ ਰਾਹੀਂ ਲਗਭਗ ਡੇਢ ਲੱਖ ਸ਼ਰਧਾਲੂਆਂ ਨੂੰ ਮੁਫ਼ਤ ਤੀਰਥ ਯਾਤਰਾ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਸਥਿਤ ਇਤਿਹਾਸਕ ਕਾਲੀ ਮਾਤਾ ਮੰਦਰ ਦਾ ਕਰੀਬ 80 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਵਾਇਆ ਜਾ ਰਿਹਾ ਹੈ, ਜਿਸ ਦਾ ਕੰਮ ਅਕਤੂਬਰ ਤੱਕ ਮੁਕੰਮਲ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਸਥਿਤ ਭਗਵਾਨ ਵਾਲਮੀਕੀ ਮੰਦਰ ਦੇ ਨਾਲ ਸੀਤਾ ਮਾਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਸ਼ਾਨਦਾਰ ਮੰਦਰ ਦਾ ਨਿਰਮਾਣ ਵੀ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਦੀ ਧਰਤੀ ਪਿਆਰ, ਭਾਈਚਾਰੇ ਅਤੇ ਸਾਂਝੀਵਾਲਤਾ ਦੀ ਧਰਤੀ ਹੈ। ਇੱਥੇ ਹਰ ਬੀਜ ਉੱਗਦਾ ਹੈ ਪਰ ਨਫ਼ਰਤ ਦਾ ਬੀਜ ਕਦੇ ਨਹੀਂ ਉੱਗ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਧਾਰਮਿਕ ਤਿਉਹਾਰ ਅਤੇ ਮਹਾਨ ਸ਼ਖ਼ਸੀਅਤਾਂ ਸਾਰਿਆਂ ਦੀ ਸਾਂਝੀ ਵਿਰਾਸਤ ਹਨ ਅਤੇ ਇਹੀ ਪੰਜਾਬ ਦੀ ਅਸਲ ਪਹਿਚਾਣ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਖ਼ਜ਼ਾਨਾ ਲੋਕਾਂ ਦਾ ਹੈ ਅਤੇ ਇਸ ਦੀ ਇੱਕ-ਇੱਕ ਪੈਸੇ ਦੀ ਵਰਤੋਂ ਲੋਕ ਭਲਾਈ ਲਈ ਕੀਤੀ ਜਾ ਰਹੀ ਹੈ। ਪਿਛਲੀਆਂ ਸਰਕਾਰਾਂ ਦੇ ਸਮੇਂ ਲੋਕਾਂ ਦਾ ਪੈਸਾ ਕੁਝ ਚੁਣਿੰਦੇ ਲੋਕਾਂ ਦੀਆਂ ਜੇਬਾਂ ਵਿੱਚ ਜਾਂਦਾ ਸੀ, ਪਰ ਮੌਜੂਦਾ ਸਰਕਾਰ ਨੇ ਇਸ 'ਤੇ ਰੋਕ ਲਗਾਈ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਡੇ ਪੱਧਰ 'ਤੇ ਸੜਕਾਂ ਦਾ ਨਿਰਮਾਣ ਹੋ ਰਿਹਾ ਹੈ, ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਲੋਕਾਂ ਨੂੰ ਮੁਫ਼ਤ ਇਲਾਜ ਅਤੇ ਸਿਹਤ ਬੀਮਾ ਦੀ ਸਹੂਲਤ ਮਿਲ ਰਹੀ ਹੈ, ਜਦਕਿ ਬਹੁਤੇ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਾ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਮੁਕਤ 'ਰੰਗਲਾ ਪੰਜਾਬ' ਬਣਾਉਣ ਲਈ ਸਰਕਾਰ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੈਲੀਫ਼ੋਰਨੀਆ, ਲੰਡਨ ਜਾਂ ਪੈਰਿਸ ਬਣਾਉਣ ਦੀ ਲੋੜ ਨਹੀਂ, ਸਗੋਂ ਆਪਣੀ ਪਹਿਚਾਣ ਵਾਲਾ ਖੁਸ਼ਹਾਲ ਅਤੇ ਤਰੱਕੀਸ਼ੀਲ ਰੰਗਲਾ ਪੰਜਾਬ ਬਣਾਉਣਾ ਹੀ ਸਰਕਾਰ ਦਾ ਟੀਚਾ ਹੈ।
ਸਮਾਗਮ ਦੇ ਅੰਤ ਵਿਚ ਮੁੱਖ ਮੰਤਰੀ ਨੇ ਸੰਗਤ ਨਾਲ ਮਿਲ ਕੇ 'ਹਰ ਹਰ ਮਹਾਦੇਵ' ਦਾ ਜੈਕਾਰਾ ਲਗਾਇਆ। ਇਸ ਉਪਰੰਤ ਪ੍ਰਸਿੱਧ ਗਾਇਕ ਕੈਲਾਸ਼ ਖੇਰ ਨੇ ਭਗਵਾਨ ਸ਼ਿਵ ਦੀ ਮਹਿਮਾ ਨਾਲ ਸਬੰਧਤ ਭਜਨਾਂ ਦੀ ਪੇਸ਼ਕਾਰੀ ਕਰਕੇ ਸ਼ਰਧਾਲੂਆਂ ਨੂੰ ਭਾਵ-ਵਿਭੋਰ ਕਰ ਦਿੱਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ, ਧਾਰਮਿਕ ਸ਼ਖ਼ਸੀਅਤਾਂ ਅਤੇ ਸ਼ਰਧਾਲੂ ਹਾਜ਼ਰ ਸਨ।
;
;
;
;
;
;
;
;