JALANDHAR WEATHER

ਫ਼ਾਜ਼ਿਲਕਾ ਪੁਲਿਸ ਦੀ ਕਾਰਵਾਈ, 2 ਕਿਲੋ 143 ਗ੍ਰਾਮ ਹੈਰੋਇਨ ਸਣੇ ਜੀਜਾ-ਸਾਲਾਂ ਗ੍ਰਿਫ਼ਤਾਰ

ਫਾਜ਼ਿਲਕਾ, 18 ਜੁਲਾਈ (ਪ੍ਰਦੀਪ ਕੁਮਾਰ)- ਫਾਜ਼ਿਲਕਾ ਪੁਲਿਸ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਮਿਲੀ ਹੈ। ਸੀ.ਆਈ.ਏ. ਸਟਾਫ਼ ਦੀ ਟੀਮ ਨੇ ਕਰੋੜਾਂ ਰੁਪਏ ਮੁੱਲ ਦੀ 2 ਕਿਲੋ 143 ਗ੍ਰਾਮ ਹੈਰੋਇਨ ਸਮੇਤ ਜੀਜਾ ਅਤੇ ਸਾਲੇ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਹ ਹੈਰੋਇਨ ਦੀ ਖੇਪ ਪਾਕਿਸਤਾਨ ਤੋਂ ਭਾਰਤ ਪਹੁੰਚੀ ਸੀ। ਪੁਲਿਸ ਅਨੁਸਾਰ ਦੋਵੇਂ ਮੁਲਜ਼ਮ ਪੈਸਿਆਂ ਦੇ ਲਾਲਚ ਵਿਚ ਨਸ਼ਾ ਤਸਕਰੀ ਦੇ ਧੰਦੇ ਨਾਲ ਜੁੜੇ ਹੋਏ ਸਨ ਅਤੇ ਹੈਰੋਇਨ ਦੀ ਖੇਪ ਅੱਗੇ ਸਪਲਾਈ ਕਰਨ ਲਈ ਲੈ ਕੇ ਜਾ ਰਹੇ ਸਨ। ਸੀ.ਆਈ.ਏ. ਸਟਾਫ਼ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਦੋਵਾਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 2 ਕਿਲੋ 143 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਸ ਮਾਮਲੇ ਵਿਚ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਸ ਵਿਅਕਤੀ ਤੋਂ ਜੀਜਾ-ਸਾਲਾ ਹੈਰੋਇਨ ਦੀ ਖੇਪ ਲੈ ਕੇ ਆਏ ਸਨ, ਉਸ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਹਾਲਾਂਕਿ ਮਾਮਲੇ ਦਾ ਮੁੱਖ ਸਰਗਨਾ ਅਜੇ ਫ਼ਰਾਰ ਦੱਸਿਆ ਜਾ ਰਿਹਾ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਲਿਆ ਗਿਆ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਵਿਚ ਜੁਟੀ ਹੋਈ ਹੈ ਕਿ ਹੈਰੋਇਨ ਦੀ ਇਹ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਕਿਸ ਨੂੰ ਸਪਲਾਈ ਕੀਤਾ ਜਾਣਾ ਸੀ। ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਵਿਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਜਲਦੀ ਪੈਸਾ ਕਮਾਉਣ ਦੇ ਲਾਲਚ ਵਿਚ ਨਸ਼ਾ ਤਸਕਰੀ ਨਾਲ ਜੁੜੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹੇ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਐੱਸ.ਐੱਸ.ਪੀ. ਨੇ ਇਹ ਵੀ ਜਾਣਕਾਰੀ ਦਿੱਤੀ ਕਿ ਪਿਛਲੇਂ ਢਾਈ ਮਹੀਨਿਆਂ ਦੌਰਾਨ ਜ਼ਿਲ੍ਹੇ ਵਿਚ 300 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਫਿਲਹਾਲ ਪੁਲਿਸ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਪੂਰੇ ਨਸ਼ਾ ਤਸਕਰੀ ਨੈੱਟਵਰਕ ਦੀਆਂ ਕੜੀਆਂ ਜੋੜਣ ਵਿਚ ਲੱਗੀ ਹੋਈ ਹੈ ਅਤੇ ਰਿਮਾਂਡ ਦੌਰਾਨ ਹੋਰ ਵੱਡੇ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ