ਲੀਗਲ ਡਿਫੈਂਸ ਕਾਊਂਸਲ ਪਾਲਿਸੀ ਨਾਲ ਸਮਾਜ ਵਿਚ ਅਪਰਾਧ ਵੱਧਣ ਦਾ ਖ਼ਤਰਾ- ਐਡਵੋਕੇਟ ਗੌਰਵ ਮੋਂਗਾ
ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 18 ਜੁਲਾਈ (ਕਪਿਲ ਕੰਧਾਰੀ)- ਨਵੀਂ ਲੀਗਲ ਡਿਫੈਂਸ ਕਾਊਂਸਲ ਪਾਲਿਸੀ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਵਕੀਲ ਭਾਈਚਾਰੇ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਸਬੰਧੀ ਬਾਰ ਐਸੋਸੀਏਸ਼ਨ ਗੁਰੂ ਹਰ ਸਹਾਏ ਦੇ ਵਕੀਲਾਂ ਨੇ ਇੱਕਜੁੱਟ ਹੋ ਕੇ ਆਪਣਾ ਵਿਰੋਧ ਜਾਰੀ ਰੱਖਣ ਦਾ ਐਲਾਨ ਕੀਤਾ। ਬਾਰ ਐਸੋਸੀਏਸ਼ਨ ਗੁਰੂ ਹਰ ਸਹਾਏ ਵਿਖੇ ਗੱਲਬਾਤ ਦੌਰਾਨ ਬਾਰ ਦੇ ਸਾਬਕਾ ਸਕੱਤਰ ਐਡਵੋਕੇਟ ਗੌਰਵ ਮੋਂਗਾ ਨੇ ਨਵੀਂ ਪਾਲਿਸੀ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਦੇ ਲਾਗੂ ਹੋਣ ਨਾਲ ਸਮਾਜ ਵਿਚ ਅਪਰਾਧ ਦਰ ਵਧਣ ਦਾ ਖ਼ਤਰਾ ਹੈ ਅਤੇ ਅਪਰਾਧੀਆਂ ਨੂੰ ਕਾਨੂੰਨੀ ਪ੍ਰਕਿਰਿਆ ਦਾ ਆਸਾਨੀ ਨਾਲ ਲਾਭ ਮਿਲ ਸਕਦਾ ਹੈ।
ਉਨ੍ਹਾਂ ਦੱਸਿਆ ਕਿ 29 ਜੂਨ ਨੂੰ ਭਾਰਤ ਦੇ ਮੁੱਖ ਨਿਆਂਧੀਸ਼ ਚੀਫ਼ ਜਸਟਿਸ ਆਫ਼ ਇੰਡੀਆ ਨਾਲ ਹੋਈ ਮੀਟਿੰਗ ਦੌਰਾਨ ਵੀ ਇਸ ਪਾਲਿਸੀ 'ਤੇ ਮੁੜ ਵਿਚਾਰ ਕਰਨ ਦੀ ਮੰਗ ਰੱਖੀ ਗਈ ਸੀ, ਪਰ ਅਜੇ ਤੱਕ ਇਸ ਸਬੰਧੀ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਐਡਵੋਕੇਟ ਮੋਂਗਾ ਨੇ ਕਿਹਾ ਕਿ ਪਹਿਲਾਂ ਮੁਫ਼ਤ ਕਾਨੂੰਨੀ ਸਹਾਇਤਾ ਸਿਰਫ਼ ਉਨ੍ਹਾਂ ਲੋੜਵੰਦ ਵਿਅਕਤੀਆਂ ਨੂੰ ਦਿੱਤੀ ਜਾਂਦੀ ਸੀ, ਜਿਨ੍ਹਾਂ ਕੋਲ ਆਮਦਨ ਦਾ ਕੋਈ ਸਾਧਨ ਨਹੀਂ ਹੁੰਦਾ ਸੀ। ਉਨ੍ਹਾਂ ਦਾ ਦਾਅਵਾ ਹੈ ਕਿ ਨਵੀਂ ਪਾਲਿਸੀ ਨਾਲ ਇਹ ਪ੍ਰਬੰਧ ਪ੍ਰਭਾਵਿਤ ਹੋਵੇਗਾ ਅਤੇ ਵਕੀਲਾਂ ਦੀ ਪੇਸ਼ੇਵਰ ਸੁਤੰਤਰਤਾ ਅਤੇ ਨੈਤਿਕ ਮਾਪਦੰਡਾਂ 'ਤੇ ਵੀ ਅਸਰ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਭਾਰਤ ਦੇ ਮੁੱਖ ਨਿਆਂਧੀਸ਼, ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਅਤੇ ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਇਸ ਪਾਲਿਸੀ ਦੀ ਤੁਰੰਤ ਸਮੀਖਿਆ ਕਰਕੇ ਇਸ ਨੂੰ ਰੱਦ ਕਰਨ ਬਾਰੇ ਫ਼ੈਸਲਾ ਲੈਣ।
;
;
;
;
;
;
;
;
;