JALANDHAR WEATHER

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 6 ਮੈਂਬਰ ਗ੍ਰਿਫ਼ਤਾਰ, ਹਥਿਆਰ/760 ਗ੍ਰਾਮ ਹੈਰੋਇਨ ਤੇ ਢਾਈ ਲੱਖ ਦੀ ਡਰੱਗ ਮਨੀ ਬਰਾਮਦ

ਫਾਜ਼ਿਲਕਾ, 19 ਜੁਲਾਈ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਪੁਲਿਸ ਨੇ ਲੁੱਟਾਂ-ਖੋਹਾਂ ਦੀਆਂਤੇ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਸਰਗਰਮ ਗਰੋਹ ਦਾ ਪਰਦਾਫਾਸ਼ ਕਰਦਿਆਂ ਇਕ ਨਾਬਾਲਗ ਸਮੇਤ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਸ਼ੀਆਂ ਦੇ ਕਬਜ਼ੇ ਵਿਚੋਂ 3 ਨਾਜਾਇਜ਼ ਪਿਸਤੌਲ, 6 ਮੈਗਜ਼ੀਨ, 4 ਜ਼ਿੰਦਾ ਕਾਰਤੂਸ, ਇਕ ਖੋਲ, 2 ਕਾਪੇ, 760 ਗ੍ਰਾਮ ਹੈਰੋਇਨ ਅਤੇ 2 ਲੱਖ 50 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਮੁਤਾਬਕ ਇਸ ਗਰੋਹ ਦਾ ਨੈੱਟਵਰਕ ਫ਼ਰੀਦਕੋਟ ਜੇਲ੍ਹ ਵਿਚ ਬੰਦ ਇਕ ਮੁਲਜ਼ਮ ਵਲੋਂ ਚਲਾਇਆ ਜਾ ਰਿਹਾ ਸੀ।
ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਦੱਸਿਆ ਕਿ ਜਲਾਲਾਬਾਦ ਸਿਟੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਨੌਜਵਾਨ ਪਿੰਡ ਟਿਵਾਣਾ ਕਲਾ ਨੇੜੇ ਬੰਦ ਪਏ ਸ਼ੈਲਰ ਕੋਲ ਹਥਿਆਰਾਂ ਸਮੇਤ ਕਿਸੇ ਵੱਡੀ ਲੁੱਟ ਦੀ ਯੋਜਨਾ ਬਣਾ ਰਹੇ ਹਨ। ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਤੁਰੰਤ ਛਾਪੇਮਾਰੀ ਕਰਕੇ ਇੱਕ ਨਾਬਾਲਗ ਸਮੇਤ ਪੰਜ ਦੋਸ਼ੀਆਂ ਨੂੰ ਕਾਬੂ ਕਰ ਲਿਆ।
ਪੁੱਛਗਿੱਛ ਦੌਰਾਨ ਪਰਮਜੀਤ ਸਿੰਘ ਅਤੇ ਸਾਜਨ ਸਿੰਘ ਵਾਸੀ ਪਿੰਡ ਮੁਹੰਮਦੇਵਾਲਾ ਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਗਿਆ, ਜਿਨ੍ਹਾਂ ਵਿਚੋਂ ਪਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸਾਜਨ ਸਿੰਘ ਇਸ ਵੇਲੇ ਫ਼ਰੀਦਕੋਟ ਜੇਲ੍ਹ ਵਿਚ ਬੰਦ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਜੇਲ੍ਹ ਵਿਚੋਂ ਹੀ ਇਸ ਪੂਰੇ ਗਰੋਹ ਨੂੰ ਚਲਾ ਰਿਹਾ ਸੀ।
ਐੱਸ.ਐੱਸ.ਪੀ. ਨੇ ਦੱਸਿਆ ਕਿ ਮੁੱਖ ਦੋਸ਼ੀ ਅਮਨ ਕੁਮਾਰ ਉਰਫ਼ ਅਮਨਾ ਖ਼ਿਲਾਫ਼ ਪਹਿਲਾਂ ਹੀ ਵੱਖ-ਵੱਖ ਧਾਰਾਵਾਂ ਤਹਿਤ 6 ਅਪਰਾਧਿਕ ਮਾਮਲੇ ਦਰਜ ਹਨ, ਜਦਕਿ ਸਾਜਨ ਸਿੰਘ ਖ਼ਿਲਾਫ਼ ਚੋਰੀ, ਡਕੈਤੀ, ਲੁੱਟ-ਖੋਹ ਅਤੇ ਅਸਲਾ ਐਕਟ ਨਾਲ ਸਬੰਧਿਤ 7 ਮਾਮਲੇ ਦਰਜ ਹਨ।
ਉਨ੍ਹਾਂ ਕਿਹਾ ਕਿ ਸਾਜਨ ਸਿੰਘ ਨੂੰ ਜਲਦੀ ਹੀ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ, ਜਿਸ ਨਾਲ ਗਰੋਹ ਦੇ ਹੋਰ ਮੈਂਬਰਾਂ, ਹਥਿਆਰਾਂ ਦੇ ਸਰੋਤ ਅਤੇ ਨੈੱਟਵਰਕ ਬਾਰੇ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਗਰੋਹ ਪਹਿਲਾਂ ਰੇਕੀ ਕਰਦਾ ਸੀ ਅਤੇ ਫਿਰ ਰਾਹਗੀਰਾਂ ਨੂੰ ਨਿਸ਼ਾਨਾ ਬਣਾ ਕੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਪੰਜਾਬ / ਜਨਰਲ

ਅਜੀਤ ਟੀ ਵੀ