ਡੱਬਵਾਲੀ ਅਤੇ ਪਿੰਡ ਸੱਕਾ ਵਾਲੀ ’ਚ ਪਾਵਨ ਗੁਰਬਾਣੀ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ
ਅੰਮ੍ਰਿਤਸਰ, 20 ਜੁਲਾਈ (ਜਸਵੰਤ ਸਿੰਘ ਜੱਸ)- ਡੱਬਵਾਲੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾ ਵਾਲੀ ਵਿਚ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਪਾਵਨ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ।
ਸਰਕਾਰ ਅਤੇ ਪ੍ਰਸ਼ਾਸਨ ਵਲੋਂ ਅਜਿਹੇ ਮਾਮਲਿਆਂ ਵਿਚ ਗੰਭੀਰਤਾ ਅਤੇ ਸਖ਼ਤੀ ਨਾਲ ਕਾਰਵਾਈ ਨਾ ਹੋਣ ਕਾਰਨ ਦੋਸ਼ੀਆਂ ਦੇ ਹੌਸਲੇ ਲਗਾਤਾਰ ਵੱਧ ਰਹੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਨਾਮ ਤੇ ਵੱਖ-ਵੱਖ ਧਿਰਾਂ ਵਲੋਂ ਸਿਆਸਤ ਤਾਂ ਕੀਤੀ ਜਾ ਰਹੀ ਹੈ, ਪ੍ਰੰਤੂ ਬੇਅਦਬੀ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਅਤੇ ਇਸ ਪਿੱਛੇ ਸਾਜ਼ਿਸ਼ ਕਰਨ ਵਾਲਿਆਂ ਨੂੰ ਸਾਹਮਣੇ ਲਿਆਉਣ ਲਈ ਸਰਕਾਰ ਵਲੋਂ ਕੋਈ ਗੰਭੀਰ ਯਤਨ ਨਹੀਂ ਕੀਤਾ ਜਾ ਰਿਹਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਮਨੁੱਖਤਾ ਨੂੰ ਜੀਵਨ ਜਿਊਣ ਲਈ ਸੇਧ ਪ੍ਰਦਾਨ ਕਰਦਿਆਂ ਸਰਬਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ। ਕੁਝ ਲੋਕ ਬੇਅਦਬੀਆਂ ਦੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾਲ ਜਿਥੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਦੇ ਹਨ, ਉਥੇ ਹੀ ਸੂਬੇ ਦੀ ਭਾਈਚਾਰਕ ਸਾਂਝ ਲਈ ਵੀ ਵੱਡਾ ਖ਼ਤਰਾ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਫਰਜ ਹੈ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਅਜਿਹੀਆਂ ਘਟਨਾਵਾਂ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਵੀ ਸਾਹਮਣੇ ਲਿਆਏ।
ਉਨ੍ਹਾਂ ਜਿਥੇ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਉਣ ਲਈ ਆਖਿਆ ਉਥੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅੰਦਰ ਰੱਖੇ ਗੁਟਕਾ ਸਾਹਿਬ ਤੇ ਪਾਵਨ ਪੋਥੀਆਂ ਦੀ ਮਰਯਾਦਾ ਅਨੁਸਾਰ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ।
;
;
;
;
;
;
;