JALANDHAR WEATHER

ਉੱਜ ਦਰਿਆ 'ਤੇ ਡੈਮ ਨਾ ਬਣਾਉਣਾ ਮਾਝੇ ਵਿਚ ਹੜ੍ਹਾਂ ਦਾ ਵੱਡਾ ਕਾਰਨ, ਕੇਂਦਰ ਤੁਰੰਤ ਮਨਜ਼ੂਰੀ ਦੇਵੇ - ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ (ਅੰਮ੍ਰਿਤਸਰ), 22 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪਹਾੜੀ ਖੇਤਰਾਂ ਵਿਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਮਾਝਾ ਖੇਤਰ ਵਿਚ ਬਣੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਕਠੂਆ ਦੇ ਪਿੰਡ ਜਸਲੋਟਾ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦਿਆਂ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਕੇਂਦਰ ਸਰਕਾਰ ਨੂੰ ਉੱਜ ਦਰਿਆ 'ਤੇ ਡੈਮ ਬਣਾਉਣ ਦੀ ਮਨਜ਼ੂਰੀ ਦੇਣ ਦੀ ਅਪੀਲ ਕੀਤੀ।
ਉਪਰੰਤ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਧਾਲੀਵਾਲ ਨੇ ਕਿਹਾ ਕਿ ਅੰਮ੍ਰਿਤਸਰ, ਅਜਨਾਲਾ, ਗੁਰਦਾਸਪੁਰ ਸਮੇਤ ਪੂਰੇ ਮਾਝਾ ਖੇਤਰ ਵਿਚ ਹਰ ਸਾਲ ਹੜ੍ਹਾਂ ਦੀ ਮੁੱਖ ਵਜ੍ਹਾ ਉੱਜ ਦਰਿਆ 'ਤੇ ਡੈਮ ਦਾ ਨਾ ਹੋਣਾ ਹੈ। ਉਨ੍ਹਾਂ ਦੱਸਿਆ ਕਿ ਜੰਮੂ-ਕਸ਼ਮੀਰ ਸਰਕਾਰ ਪਿਛਲੇ ਕਰੀਬ 12 ਸਾਲਾਂ ਤੋਂ ਕੇਂਦਰ ਦੀ ਮੋਦੀ ਸਰਕਾਰ ਕੋਲ ਉੱਜ ਦਰਿਆ 'ਤੇ ਡੈਮ ਬਣਾਉਣ ਦੀ ਮੰਗ ਕਰ ਰਹੀ ਹੈ, ਪਰ ਅਜੇ ਤੱਕ ਇਸ ਮੰਗ ਨੂੰ ਮਨਜ਼ੂਰੀ ਨਹੀਂ ਮਿਲੀ।
ਉਨ੍ਹਾਂ ਕਿਹਾ ਕਿ ਜੇਕਰ ਉੱਜ ਦਰਿਆ 'ਤੇ ਡੈਮ ਬਣਾਇਆ ਜਾਂਦਾ ਹੈ ਤਾਂ ਪਹਾੜਾਂ ਤੋਂ ਆਉਣ ਵਾਲੇ ਤੇਜ਼ ਪਾਣੀ ਨੂੰ ਕਾਬੂ ਕੀਤਾ ਜਾ ਸਕਦਾ ਹੈ, ਜਿਸ ਨਾਲ ਰਾਵੀ ਦਰਿਆ ਦਾ ਪਾਣੀ ਵੀ ਨਿਯੰਤਰਿਤ ਰਹੇਗਾ ਅਤੇ ਮਾਝੇ ਦੇ ਹਜ਼ਾਰਾਂ ਏਕੜ ਰਕਬੇ, ਫ਼ਸਲਾਂ ਅਤੇ ਦਰਿਆ ਕੰਢੇ ਵੱਸਦੇ ਲੋਕਾਂ ਨੂੰ ਹਰ ਸਾਲ ਆਉਣ ਵਾਲੀ ਤਬਾਹੀ ਤੋਂ ਬਚਾਇਆ ਜਾ ਸਕੇਗਾ। ਵਿਧਾਇਕ ਧਾਲੀਵਾਲ ਨੇ ਅੱਗੇ ਦੱਸਿਆ ਕਿ ਜਿਵੇਂ ਰਾਵੀ ਦਰਿਆ 'ਤੇ ਰਣਜੀਤ ਸਾਗਰ ਡੈਮ ਬਣਾਇਆ ਗਿਆ ਹੈ, ਉਸੇ ਤਰ੍ਹਾਂ ਉੱਜ ਦਰਿਆ 'ਤੇ ਵੀ ਡੈਮ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਇਸ ਅਹਿਮ ਪ੍ਰੋਜੈਕਟ ਨੂੰ ਲਟਕਾ ਕੇ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਸਰਹੱਦੀ ਇਲਾਕਿਆਂ ਦੇ ਲੋਕਾਂ ਨਾਲ ਇਨਸਾਫ਼ ਨਹੀਂ ਕਰ ਰਹੀ। ਉਨ੍ਹਾਂ ਇਹ ਵੀ ਕਿਹਾ ਕਿ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਅਤੇ ਹੋਰ ਪੀੜਤ ਪਰਿਵਾਰਾਂ ਲਈ ਕੇਂਦਰ ਸਰਕਾਰ ਵਲੋਂ ਇਕ ਰੁਪਏ ਦੀ ਵੀ ਵਿਸ਼ੇਸ਼ ਆਰਥਿਕ ਮਦਦ ਨਹੀਂ ਦਿੱਤੀ ਗਈ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਉੱਜ ਦਰਿਆ 'ਤੇ ਡੈਮ ਬਣਾਉਣ ਦੇ ਪ੍ਰੋਜੈਕਟ ਨੂੰ ਤੁਰੰਤ ਮਨਜ਼ੂਰੀ ਦੇ ਕੇ ਕੰਮ ਸ਼ੁਰੂ ਕੀਤਾ ਜਾਵੇ ਤਾਂ ਜੋ ਹਰ ਸਾਲ ਆਉਣ ਵਾਲੇ ਹੜ੍ਹਾਂ ਤੋਂ ਮਾਝੇ ਦੇ ਲੋਕਾਂ ਅਤੇ ਕਿਸਾਨਾਂ ਨੂੰ ਪੱਕੀ ਰਾਹਤ ਮਿਲ ਸਕੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ