JALANDHAR WEATHER

ਬਰਸਾਤੀ ਪਾਣੀ ਨੂੰ ਡੱਕ ਲੱਗਣ ਨਾਲ ਸੈਂਕੜੇ ਏਕੜ ਫ਼ਸਲ ਪਾਣੀ ਵਿਚ ਡੁੱਬੀ

ਚੋਗਾਵਾਂ/ਅੰਮ੍ਰਿਤਸਰ, 22 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਪੰਜਾਬ ਵਿਚ ਰੁਕ-ਰੁਕ ਕੇ ਪੈ ਰਹੀ ਬਰਸਾਤ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਬਲਾਕ ਚੋਗਾਵਾਂ ਅਧੀਨ ਆਉਂਦੇ ਸਰਹੱਦੀ ਪਿੰਡ ਭਿੰਡੀ ਸੈਦਾਂ ਤੇ ਆਸ-ਪਾਸ ਦੇ ਪਿੰਡਾਂ ਵਿਚ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਬਰਸਾਤੀ ਪਾਣੀ ਨੂੰ ਡੱਕ ਲੱਗਣ ਨਾਲ ਸੈਂਕੜੇ ਏਕੜ ਝੋਨੇ ਦੀ ਫ਼ਸਲ ਡੁੱਬ ਗਈ ਹੈ। ਨਹਿਰ ਦੀ ਡੱਕ ਲੱਗਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਢਿੱਲੋ ਗੈਸ ਏਜੰਸੀ ਦੀ ਮਾਲਕ ਦਲਜੀਤ ਕੌਰ, ਮਨਜੀਤ ਸਿੰਘ, ਮਹਿੰਦਰ ਸਿੰਘ, ਦਿਲਦਾਰ ਸਿੰਘ, ਮਨਬੀਰ ਸਿੰਘ ਸੋਨੂ ਲਹੌਰੀਆ, ਕਰਨਬੀਰ ਸਿੰਘ, ਪ੍ਰਿੰਸ ਬੀਰ ਸਿੰਘ, ਸੁਰਜੀਤ ਸਿੰਘ, ਮਨਜਿੰਦਰ ਸਿੰਘ ਆਦਿ ਕਿਸਾਨਾਂ ਨੇ ਕਿਹਾ ਕਿ ਹਰ ਸਾਲ ਬਰਸਾਤੀ ਪਾਣੀ ਨੂੰ ਨਹਿਰ ਦੀ ਡੱਕ ਲੱਗਣ ਕਾਰਨ ਉਨ੍ਹਾਂ ਦੀ ਫ਼ਸਲ ਬਰਬਾਦ ਹੋ ਰਹੀ ਹੈ। ਖੇਤਾਂ ਵਿਚ ਚਾਰ ਤੋਂ ਪੰਜ ਫੁੱਟ ਪਾਣੀ ਖਲੋ ਗਿਆ ਹੈ। ਗੈਸ ਏਜੰਸੀ ਵੀ ਡੁੱਬਣ ਕਿਨਾਰੇ ਹੈ। ਉਨਾਂ ਦੋਸ਼ ਲਗਾਇਆ ਕਿ ਨਹਿਰੀ ਵਿਭਾਗ ਵਲੋਂ ਨਹਿਰ ਵਿਚ ਸਾਈਫਨ ਨਹੀਂ ਪਾਇਆ ਗਿਆ, ਜਿਸ ਦਾ ਖਮਿਆਜ਼ਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਡੀ.ਸੀ. ਸਾਹਿਬ ਅਤੇ ਐਸ.ਡੀ.ਐਮ. ਸਾਹਿਬ ਤੋਂ ਮੰਗ ਕੀਤੀ ਕਿ ਸਰਹੱਦੀ ਪਿੰਡਾਂ ਦੀ ਇਸ ਸਮੱਸਿਆ ਦਾ ਹੱਲ ਕੀਤਾ ਜਾਵੇ। ਇਸ ਸੰਬੰਧੀ ਨਹਿਰੀ ਵਿਭਾਗ ਦੇ ਐਸ.ਡੀ.ਓ. ਜਸਬੀਰ ਸਿੰਘ ਨਾਲ ਸੰਪਰਕ ਕਰਨ ਤੇ ਉਨ੍ਹਾਂ ਕਿਹਾ ਕਿ ਉਹ ਖੁਦ ਮੌਕੇ 'ਤੇ ਪਹੁੰਚੇ ਹਨ ਤੇ ਨਹਿਰ ਵਿਚ ਸਾਈਫਨ ਪਾਉਣ ਦਾ ਕੰਮ ਜਾਰੀ ਹੈ। ਜਲਦ ਹੀ ਕਿਸਾਨਾਂ ਨੂੰ ਇਸ ਬਰਸਾਤੀ ਪਾਣੀ ਤੋਂ ਨਿਜਾਤ ਦਿਵਾਈ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ