ਬਰਨਾਲਾ ਘਟਨਾ ਖ਼ਿਲਾਫ਼ ਸਫ਼ਾਈ ਕਾਮਿਆਂ ਨੇ ਜਗਰਾਉਂ-ਰਾਏਕੋਟ ਰੋਡ ਕੀਤਾ ਜਾਮ
ਜਗਰਾਉਂ, (ਲੁਧਿਆਣਾ), 23 ਜੁਲਾਈ (ਕੁਲਦੀਪ ਸਿੰਘ ਲੋਹਟ)- ਬਰਨਾਲਾ ਵਿਖੇ ਸਫ਼ਾਈ ਕਾਮਿਆਂ 'ਤੇ ਕਥਿਤ ਪੁਲਿਸ ਅੱਤਿਆਚਾਰ ਦੇ ਵਿਰੋਧ ਵਿਚ ਸਫ਼ਾਈ ਕਾਮਿਆਂ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ ਜਗਰਾਉਂ ਵਿਚ ਤਿੱਖਾ ਰੋਸ ਪ੍ਰਗਟਾਇਆ ਗਿਆ। ਰੋਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਜਗਰਾਉਂ-ਰਾਏਕੋਟ ਰੋਡ ਜਾਮ ਕਰਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਮਜ਼ਦੂਰ ਆਗੂ ਸੁਖਦੇਵ ਸਿੰਘ ਮਾਣੂੰਕੇ, ਕੰਵਲਜੀਤ ਖੰਨਾ, ਜਗਤਾਰ ਸਿੰਘ ਦੇਹੜਕਾ ਅਤੇ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਅਰੁਣ ਗਿੱਲ ਨੇ ਬਰਨਾਲਾ ਵਿਚ ਸਫ਼ਾਈ ਕਾਮਿਆਂ 'ਤੇ ਕੀਤੇ ਗਏ ਕਥਿਤ ਅੰਨ੍ਹੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਮਜ਼ਦੂਰਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਨੇ ਐਸ.ਐਸ.ਪੀ. ਜਗਰਾਉਂ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਰੋਸ ਪ੍ਰਗਟਾਇਆ ਅਤੇ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਸਾੜ ਕੇ ਆਪਣਾ ਗੁੱਸਾ ਜ਼ਾਹਿਰ ਕੀਤਾ। ਇਸ ਦੌਰਾਨ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਮੰਗ ਕੀਤੀ ਕਿ ਬਰਨਾਲਾ ਘਟਨਾ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਜ਼ਖ਼ਮੀ ਸਫਾਈ ਕਾਮਿਆਂ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿਚ ਸੂਬਾ ਪੱਧਰ 'ਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
;
;
;
;
;
;
;
;