JALANDHAR WEATHER

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਭਾਰੀ ਮੀਂਹ ਕਾਰਨ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਅਜਨਾਲਾ (ਅੰਮ੍ਰਿਤਸਰ), 23 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਸਰਹੱਦੀ ਇਲਾਕਿਆਂ ਵਿਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਪੈਦਾ ਹੋਏ ਹੜ੍ਹਾਂ ਵਰਗੇ ਹਾਲਾਤਾਂ ਦੇ ਮੱਦੇਨਜ਼ਰ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਖੁਦ ਮੌਕੇ 'ਤੇ ਪਹੁੰਚੇ ਅਤੇ ਸੱਕੀ ਨਾਲੇ ਵਿਚ ਚੱਲ ਰਹੇ ਨਿਕਾਸੀ ਕਾਰਜਾਂ ਦਾ ਜਾਇਜ਼ਾ ਲਿਆ। ਵਰ੍ਹਦੇ ਮੀਂਹ ਦੇ ਬਾਵਜੂਦ ਵਿਧਾਇਕ ਧਾਲੀਵਾਲ ਨੇ ਅਧਿਕਾਰੀਆਂ ਨਾਲ ਮਿਲ ਕੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਅਜੀਤ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੱਕੀ ਨਾਲੇ ਵਿਚ ਜਮ੍ਹੀ ਬੂਟੀ ਅਤੇ ਹੋਰ ਰੁਕਾਵਟਾਂ ਕਾਰਨ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋ ਰਹੀ ਸੀ, ਇਸ ਨੂੰ ਧਿਆਨ ਵਿਚ ਰੱਖਦਿਆਂ ਜੇ.ਸੀ.ਬੀ ਅਤੇ ਪੋਕਲੇਨ ਮਸ਼ੀਨਾਂ ਦੀ ਮਦਦ ਨਾਲ ਜੰਗੀ ਪੱਧਰ 'ਤੇ ਸਫ਼ਾਈ ਅਤੇ ਬੂਟੀ ਕੱਢਣ ਦਾ ਕੰਮ ਕਰਵਾਇਆ ਜਾ ਰਿਹਾ ਹੈ, ਤਾਂ ਜੋ ਮੀਂਹ ਦਾ ਪਾਣੀ ਬਿਨਾਂ ਕਿਸੇ ਰੁਕਾਵਟ ਦੇ ਅੱਗੇ ਨਿਕਲ ਸਕੇ ਅਤੇ ਆਸ-ਪਾਸ ਦੇ ਪਿੰਡਾਂ ਨੂੰ ਪਾਣੀ ਭਰਨ ਦੀ ਸਮੱਸਿਆ ਤੋਂ ਰਾਹਤ ਮਿਲ ਸਕੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪ੍ਰਸ਼ਾਸਨ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜਿਥੇ ਵੀ ਪਾਣੀ ਦੀ ਨਿਕਾਸੀ ਵਿਚ ਕੋਈ ਰੁਕਾਵਟ ਆ ਰਹੀ ਹੈ, ਉਥੇ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਿਪਟਣ ਲਈ ਟੀਮਾਂ ਨੂੰ ਅਲਰਟ ਰੱਖਿਆ ਗਿਆ ਹੈ। ਵਿਧਾਇਕ ਧਾਲੀਵਾਲ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਬੇਲੋੜੀ ਅਫ਼ਵਾਹਾਂ ਤੋਂ ਬਚਣ, ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਐਮਰਜੈਂਸੀ ਦੀ ਸੂਚਨਾ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਦੇਣ, ਤਾਂ ਜੋ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। 
ਕੁਲਦੀਪ ਸਿੰਘ ਧਾਲੀਵਾਲ ਨੇ ਇਹ ਵੀ ਕਿਹਾ ਕਿ ਅਜਨਾਲਾ ਖੇਤਰ ਵਿਚ ਹਰ ਸਾਲ ਆਉਣ ਵਾਲੇ ਹੜ੍ਹਾਂ ਦੀ ਵੱਡੀ ਵਜ੍ਹਾ ਉੱਜ ਦਰਿਆ 'ਤੇ ਡੈਮ ਨਾ ਬਣਨਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉੱਜ ਦਰਿਆ 'ਤੇ ਡੈਮ ਨਹੀਂ ਬਣਦਾ, ਮਾਝੇ ਦੇ ਲੋਕਾਂ ਨੂੰ ਹਰ ਸਾਲ ਹੜ੍ਹਾਂ ਦੀ ਮਾਰ ਝੱਲਣੀ ਪਵੇਗੀ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਫ਼ੈਸਲਾ ਕੀਤਾ ਜਾਵੇ। ਵਿਧਾਇਕ ਧਾਲੀਵਾਲ ਨੇ ਅੱਗੇ ਦੱਸਿਆ ਕਿ ਧੁੱਸੀ ਬੰਨ੍ਹ ਦੇ ਬਿਲਕੁਲ ਨਾਲ ਭਾਰਤ-ਪਾਕਿਸਤਾਨ ਸਰਹੱਦ ਦੀ ਕੰਡਿਆਲੀ ਤਾਰ ਲੱਗੀ ਹੋਣ ਕਾਰਨ ਬੰਨ੍ਹ ਨੂੰ ਪੂਰੀ ਤਰ੍ਹਾਂ ਮਜ਼ਬੂਤ ਕਰਨਾ ਸੰਭਵ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਕੰਡਿਆਲੀ ਤਾਰ ਨੂੰ ਦਰਿਆ ਤੋਂ ਪਾਰ ਕਰਨ ਲਈ ਲੋੜੀਂਦੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਭਵਿੱਖ ਵਿੱਚ ਧੁੱਸੀ ਬੰਨ੍ਹ ਨੂੰ ਪੱਕੇ ਤੌਰ 'ਤੇ ਮਜ਼ਬੂਤ ਕੀਤਾ ਜਾ ਸਕੇ ਅਤੇ ਸਰਹੱਦੀ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਇਆ ਜਾ ਸਕੇ। ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਹਾਲਾਤਾਂ 'ਤੇ ਲਗਾਤਾਰ ਨਜ਼ਰ ਰੱਖੇ ਹੋਏ ਹਨ ਅਤੇ ਲੋਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਿੱਥੇ ਵੀ ਬੰਨ੍ਹ ਨੂੰ ਨੁਕਸਾਨ ਹੋਇਆ ਹੈ, ਉੱਥੇ ਤੁਰੰਤ ਮੁਰੰਮਤ ਕਰਵਾ ਕੇ ਕਿਸੇ ਵੀ ਵੱਡੇ ਖਤਰੇ ਨੂੰ ਟਾਲਿਆ ਜਾਵੇਗਾ।
ਇਸ ਮੌਕੇ ਧਾਲੀਵਾਲ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਿਰਫ਼ ਗੱਡੀਆਂ ਵਿਚ ਬੈਠ ਕੇ ਗੇੜੇ ਮਾਰਨ ਨਾਲ ਹਾਲਾਤਾਂ ਦਾ ਅੰਦਾਜ਼ਾ ਨਹੀਂ ਲੱਗਦਾ। ਸਾਰੀਆਂ ਪਾਰਟੀਆਂ ਦੇ ਲੀਡਰ ਵੀ ਮੌਕੇ 'ਤੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਅਤੇ ਅਸਲ ਸਥਿਤੀ ਨੂੰ ਵੇਖਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ