JALANDHAR WEATHER

ਫਾਜ਼ਿਲਕਾ ਵਿਚ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 23 ਜੁਲਾਈ (ਪ੍ਰਦੀਪ ਕੁਮਾਰ)- ਫਾਜ਼ਿਲਕਾ ਵਿਚ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਦਿੱਲੀ ਵਿਚ ਚੱਲ ਰਹੇ ਵਿਦਿਆਰਥੀਆਂ ਦੇ ਅੰਦੋਲਨ ਦੀ ਹਮਾਇਤ ਕਰਦਿਆਂ ਵਿਦਿਆਰਥੀਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ। ਇਸ ਦੇ ਨਾਲ ਹੀ ਵਿਦਿਆਰਥੀਆਂ ਉੱਪਰ ਕੀਤੇ ਗਏ ਲਾਠੀਚਾਰਜ ਦੀ ਵੀ ਸਖ਼ਤ ਨਿੰਦਾ ਕੀਤੀ ਗਈ। ਇਸ ਦੌਰਾਨ ਕਾਂਗਰਸ ਆਗੂ ਅਤੇ ਸਾਬਕਾ ਵਿਧਾਇਕ ਡਾ. ਮਹਿੰਦਰ ਕੁਮਾਰ ਰਿਣਵਾ ਵੀ ਆਪਣੇ ਵਰਕਰਾਂ ਸਮੇਤ ਵਿਦਿਆਰਥੀਆਂ ਦੇ ਸਮਰਥਨ ਵਿਚ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਏ।

 

ਫਾਜ਼ਿਲਕਾ ਦੇ ਇਤਿਹਾਸਕ ਘੰਟਾ ਘਰ ਚੌਕ ਵਿਖੇ ਸ਼ਾਮ ਨੂੰ ਵਿਦਿਆਰਥੀਆਂ ਵਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਤੋਂ ਬਾਅਦ ਸ਼ਹਿਰ ਵਿਚ ਰੋਸ ਮਾਰਚ ਵੀ ਕੱਢਿਆ ਗਿਆ। ਕਾਂਗਰਸ ਆਗੂ ਮਹਿੰਦਰ ਕੁਮਾਰ ਰਿਣਵਾ ਨੇ ਵੀ ਵਿਦਿਆਰਥੀਆਂ ਦੇ ਇਸ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕਰਦਿਆਂ ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ ਅਤੇ ਵਿਦਿਆਰਥੀਆਂ ਦੀ ਹਮਾਇਤ ਕੀਤੀ।

 

ਇਸ ਮੌਕੇ ਵਿਦਿਆਰਥੀ ਆਗੂ ਧੀਰਜ, ਦਿਲਕਰਨ ਅਤੇ ਮਮਤਾ ਰਾਣੀ ਨੇ ਕਿਹਾ ਕਿ ਵਿਦਿਆਰਥੀ ਪੂਰਾ ਸਾਲ ਮਿਹਨਤ ਕਰਕੇ ਪ੍ਰੀਖਿਆਵਾਂ ਦਿੰਦੇ ਹਨ, ਪਰ ਪੇਪਰ ਲੀਕ ਹੋਣ ਕਾਰਨ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਆਪਣੇ ਭਵਿੱਖ ਲਈ ਚਿੰਤਤ ਹੋ ਕੇ ਆਵਾਜ਼ ਉਠਾ ਰਹੇ ਵਿਦਿਆਰਥੀਆਂ ਨਾਲ ਕਥਿਤ ਤੌਰ ’ਤੇ ਧੱਕੇਸ਼ਾਹੀ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਅੱਗੇ ਤੋਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕੇਂਦਰੀ ਸਿੱਖਿਆ ਮੰਤਰੀ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ ਜਾਂ ਸਰਕਾਰ ਨੂੰ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣਾ ਚਾਹੀਦਾ ਹੈ।

ਉੱਥੇ ਹੀ ਡਾ. ਮਹਿੰਦਰ ਕੁਮਾਰ ਰਿਣਵਾ ਅਤੇ ਪਰਮਜੀਤ ਸ਼ਰਮਾ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਵਿਚੋਂ ਹੀ ਕੋਈ ਇੰਜੀਨੀਅਰ, ਡਾਕਟਰ ਜਾਂ ਵਿਗਿਆਨੀ ਬਣ ਕੇ ਦੇਸ਼ ਨੂੰ ਅੱਗੇ ਲੈ ਕੇ ਜਾਵੇਗਾ। ਉਨ੍ਹਾਂ ਸਵਾਲ ਕੀਤਾ ਕਿ ਫਿਰ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਸਿੱਖਿਆ ਮੰਤਰੀ ਤੋਂ ਅਸਤੀਫ਼ਾ ਲੈਣ ਦੀ ਮੰਗ ਕੀਤੀ। ਉਨ੍ਹਾਂ ਦਿੱਲੀ ਵਿਚ ਵਿਦਿਆਰਥੀਆਂ ’ਤੇ ਕੀਤੀ ਗਈ ਕਥਿਤ ਕਾਰਵਾਈ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ