ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ ਵਲੋਂ ‘ਮੀਰੀ-ਪੀਰੀ ਖਾਲਸਾ ਮਾਰਚ’ ਦਾ ਸ਼ਾਨਦਾਰ ਸੁਆਗਤ
ਅਟਾਰੀ, (ਅੰਮ੍ਰਿਤਸਰ), 24 ਜੁਲਾਈ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਵਿਸ਼ਾਲ ‘ਮੀਰੀ-ਪੀਰੀ ਖਾਲਸਾ ਮਾਰਚ’ ਦਾ ਅੱਜ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ, ਸਤਲਾਣੀ ਸਾਹਿਬ ਦੇ ਪ੍ਰਿੰਸੀਪਲ ਡਾ. ਰੁਪਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਭਰਵਾਂ ਸੁਆਗਤ ਕੀਤਾ। ਕਾਲਜ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਵਲੋਂ ਇਹ ਸੁਆਗਤ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਚੌਂਕ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਕੀਤਾ ਗਿਆ।
ਇਹ ਖਾਲਸਾ ਮਾਰਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਹੈ। ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਇਸ ਮਾਰਚ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਕੀਤੀ ਗਈ। ਇਹ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਪੰਜਾਬ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਮਿਤੀ 04 ਅਗਸਤ 2026 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸੰਪੂਰਨ ਹੋਵੇਗਾ।
ਇਸ ਮੌਕੇ ਢਾਡੀ ਸਿੰਘਾਂ ਦੱਸਿਆ ਕਿ ਇਸ ਖਾਲਸਾ ਮਾਰਚ ਦਾ ਮੁੱਖ ਉਦੇਸ਼ ਅਜੋਕੇ ਨੌਜਵਾਨਾਂ ਵਿਚ ਖ਼ਾਲਸਾਈ ਚੇਤਨਾ ਨੂੰ ਪ੍ਰਚੰਡ ਕਰਨਾ ਹੈ। ਇਸ ਉਪਰਾਲੇ ਰਾਹੀਂ ਨੌਜਵਾਨਾਂ ਨੂੰ ਪੰਜਾਬ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਨੌਜਵਾਨਾਂ ਵਿਚ ਸਿੱਖ ਇਤਿਹਾਸ ਪ੍ਰਤੀ ਸੁਚੇਤਤਾ ਭਰੀ ਜਾ ਸਕੇ। ਖਾਲਸਾ ਮਾਰਚ ਦੇ ਸੁਆਗਤ ਦੌਰਾਨ ਕਾਲਜ ਦਾ ਸਮੁੱਚਾ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ, ਜਿਨ੍ਹਾਂ ਨੇ ਖਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਮਾਰਚ ਨੂੰ ਜੀ ਆਇਆਂ ਆਖਿਆ।
;
;
;
;
;
;
;
;
;