ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦਾ ਰੋਸ ਪ੍ਰਦਰਸ਼ਨ
ਡੇਰਾਬਸੀ (ਮੁਹਾਲੀ), 25 ਜੁਲਾਈ (ਰਣਬੀਰ ਸਿੰਘ ਪੜ੍ਹੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਡੇਰਾਬੱਸੀ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਕਨਵੀਨਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕ ਕੇ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵਲੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਅਤੇ ਔਰਤਾਂ 'ਤੇ ਸਖ਼ਤ ਕਾਰਵਾਈ ਕੀਤੀ ਗਈ। ਉਨ੍ਹਾਂ ਦਾ ਦਾਅਵਾ ਸੀ ਕਿ ਇਸ ਦੌਰਾਨ ਹੋਈ ਕੁੱਟਮਾਰ ਵਿਚ ਇਕ ਲੜਕੀ ਦੀ ਮੌਤ ਹੋ ਗਈ। ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਵਾਰ-ਵਾਰ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਕਾਰਨ ਸਾਲਾਂ ਤੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ ਅਤੇ ਇਸ ਕਾਰਨ ਕਈ ਨੌਜਵਾਨ ਮਾਨਸਿਕ ਦਬਾਅ ਦਾ ਸ਼ਿਕਾਰ ਹੋ ਰਹੇ ਹਨ।
ਆਗੂਆਂ ਨੇ ਪੰਜਾਬ ਸਰਕਾਰ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਬਰਨਾਲਾ ਵਿਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਸਫਾਈ ਸੇਵਕਾਂ ਅਤੇ ਮਹਿਲਾਵਾਂ 'ਤੇ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ, ਜਿਸ ਦੀ ਉਨ੍ਹਾਂ ਨੇ ਨਿੰਦਾ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਬੈਂਕਾਂ ਅੱਗੇ ਧਰਨੇ ਦੇ ਰਹੇ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਪ੍ਰਸ਼ਾਸਨ ਵਲੋਂ ਵਾਰ-ਵਾਰ ਮੀਟਿੰਗਾਂ ਕਰਕੇ ਭਰੋਸੇ ਦਿੱਤੇ ਜਾਂਦੇ ਹਨ, ਪਰ ਉਨ੍ਹਾਂ ਨੂੰ ਅਮਲ ਵਿਚ ਨਹੀਂ ਲਿਆਂਦਾ ਜਾਂਦਾ।
ਕਿਸਾਨ ਆਗੂਆਂ ਨੇ ਸਰਕਾਰਾਂ ਤੋਂ ਮੰਗ ਕੀਤੀ ਕਿ ਲੋਕਤੰਤਰੀ ਅਧਿਕਾਰਾਂ ਦੀ ਰੱਖਿਆ ਯਕੀਨੀ ਬਣਾਈ ਜਾਵੇ, ਲੋਕਾਂ ਨਾਲ ਜੁੜੇ ਮਸਲਿਆਂ ਦਾ ਜਲਦੀ ਹੱਲ ਕੀਤਾ ਜਾਵੇ, ਪੇਪਰ ਲੀਕ ਵਰਗੀਆਂ ਘਟਨਾਵਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਕਿਸਾਨਾਂ, ਨੌਜਵਾਨਾਂ ਅਤੇ ਹੋਰ ਪ੍ਰਭਾਵਿਤ ਵਰਗਾਂ ਨੂੰ ਇਨਸਾਫ਼ ਦਿੱਤਾ ਜਾਵੇ।
ਰੋਸ ਪ੍ਰਦਰਸ਼ਨ ਦੌਰਾਨ ਕਿਸਾਨ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਨੇ ਸਰਕਾਰਾਂ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਪ੍ਰਦਰਸ਼ਨ ਉਪਰੰਤ ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
;
;
;
;
;
;
;
;
;