JALANDHAR WEATHER

ਬਿਜਲੀ ਕਾਮਿਆਂ ਦੀ ਹੜਤਾਲ ਜਾਰੀ

ਸੁਨਾਮ ਊਧਮ ਸਿੰਘ ਵਾਲਾ, 24 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸੈਂਕੜਿਆਂ ਦੀ ਗਿਣਤੀ ਵਿਚ ਬਿਜਲੀ ਕਾਮਿਆਂ ਵਲੋਂ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜਮ ਏਕਤਾ ਮੰਚ, ਐਮਯੂਓ, ਪੈਨਸ਼ਨਰ ਐਸੋਸੀਏਸ਼ਨ ਦੇ ਸੱਦੇ 'ਤੇ ਅੱਜ ਸਥਾਨਕ ਪਾਵਰ ਕਾਲੋਨੀ ਵਿਖੇ ਭਰਵੀਂ ਰੋਸ ਰੈਲੀ ਕੀਤੀ ਗਈ। ਰੈਲੀ ਵਿਚ ਵੱਖ-ਵੱਖ ਸਬ ਡਵੀਜ਼ਨਾਂ ਤੋਂ ਆਏ ਮੁਲਾਜ਼ਮਾਂ, ਪੈਨਸ਼ਨਰਾਂ  ਆਗੂਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਰੈਲੀ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਅਤੇ ਪਾਵਰਕਾਮ ਪ੍ਰਬੰਧਕਾਂ ਵਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਵੀ ਜਾਣ-ਬੁੱਝਕੇ ਲਟਕਾਇਆ ਜਾ ਰਿਹਾ ਹੈ, ਜਿਸ ਕਾਰਨ ਸਮੂਹ ਬਿਜਲੀ ਕਾਮਿਆਂ ਵਿਚ ਭਾਰੀ ਰੋਸ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਤੋਂ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕਰਨ, 18 ਫ਼ੀਸਦੀ ਡੀ.ਏ. ਦੇ ਬਕਾਏ ਜਾਰੀ ਕਰਨ, ਕੱਚੇ ਕਾਮਿਆਂ ਨੂੰ ਬਿਨਾਂ ਸ਼ਰਤ ਪੱਕਾ ਕਰਨ, ਪੰਜਾਬ ਸਰਕਾਰ ਦੇ ਤਨਖ਼ਾਹ ਸਕੇਲ ਅਤੇ ਹੋਰ ਸਾਰੇ ਵਿੱਤੀ ਲਾਭ ਲਾਗੂ ਕਰਨ, ਸੋਲੇਸ਼ੀਅਮ ਦੀ ਰਕਮ 'ਤੇ ਵਿਆਜ ਦੀ ਸ਼ਰਤ ਖ਼ਤਮ ਕਰਨ, ਖ਼ਾਲੀ ਅਸਾਮੀਆਂ 'ਤੇ ਨਿਯਮਤ ਭਰਤੀ ਕਰਨ, ਆਊਟਸੋਰਸਿੰਗ ਅਤੇ ਨਿਜੀਕਰਨ ਦੀਆਂ ਨੀਤੀਆਂ ਨੂੰ ਰੱਦ ਕਰਨ ਦੀ ਮੰਗ ਕੀਤੀ।ਬੁਲਾਰਿਆਂ ਨੇ ਕਿਹਾ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 25 ਅਤੇ 26 ਜੁਲਾਈ ਨੂੰ ਸਮੂਹਿਕ ਛੁੱਟੀ ਵਿਚ ਦੋ ਦਿਨ ਦਾ ਹੋਰ ਵਾਧਾ ਕੀਤਾ ਗਿਆ ਹੈ।ਆਗੂਆਂ ਨੇ ਚਿਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਲਾਗੂ ਨਾਂ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ