ਮੋਹਾਲੀ ’ਚ ਨਸ਼ਾ ਤਸਕਰਾਂ ਵਲੋਂ ਪੁਲਿਸ ਟੀਮ ’ਤੇ ਹਮਲਾ, ਦੋ ਮੁਲਾਜ਼ਮ ਜ਼ਖ਼ਮੀ
ਮੋਹਾਲੀ, 25 ਜੁਲਾਈ- ਮੋਹਾਲੀ ਦੇ ਸੀਆਈਏ ਸਟਾਫ਼ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਸਨੇਟਾ ਨੇੜੇ ਨਸ਼ੇ ਦੀ ਕਥਿਤ ਵੱਡੀ ਖੇਪ ਦੀ ਡਿਲਿਵਰੀ ਰੋਕਣ ਲਈ ਕੀਤੀ ਗਈ ਕਾਰਵਾਈ ਦੌਰਾਨ ਪੁਲਿਸ ਟੀਮ ’ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਨੂੰ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਸਨੇਟਾ ਦੇ ਨੇੜੇ ਚਿੱਟੇ ਦੀ ਭਾਰੀ ਖੇਪ ਦੇਣ ਲਈ ਆ ਰਹੇ ਹਨ। ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਘੇਰਾਬੰਦੀ ਕਰ ਲਈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਨੇ ਆਪਣੇ ਹੋਰ ਸਾਥੀਆਂ ਨੂੰ ਵੀ ਮੌਕੇ ’ਤੇ ਬੁਲਾ ਲਿਆ।
ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਪੁਲਿਸ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਦੌਰਾਨ ਇਕ ਪੁਲਿਸ ਮੁਲਾਜ਼ਮ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ, ਜਦਕਿ ਦੂਜੇ ਮੁਲਾਜ਼ਮ ’ਤੇ ਤਲਵਾਰ ਨਾਲ ਹਮਲਾ ਕੀਤਾ ਗਿਆ। ਜ਼ਖ਼ਮੀ ਪੁਲਿਸ ਮੁਲਾਜ਼ਮਾਂ ਦੀ ਪਛਾਣ ਕਾਂਸਟੇਬਲ ਪਰਮਜੀਤ ਸਿੰਘ ਅਤੇ ਕਾਂਸਟੇਬਲ ਜਗਜੀਤ ਸਿੰਘ ਵਜੋਂ ਦੱਸੀ ਜਾ ਰਹੀ ਹੈ।
ਹਮਲੇ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਵਲੋਂ ਇਲਾਕੇ ਵਿਚ ਨਾਕਾਬੰਦੀ ਕਰਕੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ। ਮਾਮਲੇ ਸਬੰਧੀ ਅਧਿਕਾਰਕ ਪੁਸ਼ਟੀ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
;
;
;
;
;
;
;
;
;