ਡੀ.ਐੱਸ.ਪੀ. ਅਤੇ ਐੱਸ.ਡੀ.ਐੱਮ. ਨੇ ਜਗਰਾਉਂ ਦੇ ਵੱਖ-ਵੱਖ ਵਪਾਰੀ ਸੰਗਠਨਾਂ ਨਾਲ ਮੀਟਿੰਗ ਕਰਕੇ ਸ਼ਹਿਰ ਦੇ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ
ਜਗਰਾਉਂ (ਲੁਧਿਆਣਾ), 28 ਜੁਲਾਈ ( ਕੁਲਦੀਪ ਸਿੰਘ ਲੋਹਟ)- ਜ਼ਿਲ੍ਹਾ ਪੁਲਿਸ ਮੁਖੀ ਡਾ. ਅੰਕੁਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ.ਪੀ. (ਹੈੱਡਕੁਆਰਟਰ) ਰਮਿੰਦਰਵੀਰ ਸਿੰਘ ਦੀ ਅਗਵਾਈ ਹੇਠ ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ ਅਤੇ ਐੱਸ.ਡੀ.ਐੱਮ. ਬਾਦਲ ਦੀਨ ਨੇ ਅੱਜ ਜਗਰਾਉਂ ਦੇ ਵੱਖ-ਵੱਖ ਵਪਾਰੀ ਸੰਗਠਨਾਂ ਨਾਲ ਮੀਟਿੰਗ ਕਰਕੇ ਸ਼ਹਿਰ ਦੇ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ।
ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਕਾਨੂੰਨ-ਵਿਵਸਥਾ ਅਤੇ ਸੁਰੱਖਿਆ, ਟਰੈਫਿਕ ਪ੍ਰਬੰਧਨ, ਗਲਤ ਢੰਗ ਨਾਲ ਲੱਗੀਆਂ ਰੇਹੜੀਆਂ-ਫੜ੍ਹੀਆਂ, ਗ਼ੈਰ-ਕਾਨੂੰਨੀ ਕਬਜ਼ਿਆਂ, ਗਲਤ ਪਾਰਕਿੰਗ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਪੰਜਾਬ ਸ਼ਿਕਾਇਤ ਨਿਵਾਰਨ ਪੋਰਟਲ ਰਾਹੀਂ ਦਰਜ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਵਪਾਰੀ ਸੰਗਠਨਾਂ ਦੇ ਨੁਮਾਇੰਦਿਆਂ ਨੇ ਸ਼ਹਿਰ ਦੀ ਬਿਹਤਰੀ ਲਈ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਕੋਈ ਵੀ ਦੁਕਾਨਦਾਰ ਆਪਣਾ ਸਾਮਾਨ ਜਾਂ ਇਸ਼ਤਿਹਾਰੀ ਬੋਰਡ ਦੁਕਾਨ ਤੋਂ ਬਾਹਰ ਨਹੀਂ ਰੱਖੇਗਾ। ਇਸ ਤੋਂ ਇਲਾਵਾ ਵੱਖ-ਵੱਖ ਬਾਜ਼ਾਰਾਂ ਦੀਆਂ ਕਮੇਟੀਆਂ ਬਣਾ ਕੇ ਪਾਰਕਿੰਗ ਪ੍ਰਬੰਧ ਨੂੰ ਸੁਚਾਰੂ ਕਰਨ ਅਤੇ ਹੋਰ ਜਨਹਿੱਤ ਦੇ ਕੰਮਾਂ ਲਈ ਸਾਂਝੇ ਯਤਨ ਕੀਤੇ ਜਾਣਗੇ। ਪ੍ਰਸ਼ਾਸਨ ਨੇ ਐਲਾਨ ਕੀਤਾ ਕਿ ਕੱਲ੍ਹ ਬੁੱਧਵਾਰ ਦੁਪਹਿਰ 12 ਵਜੇ ਵਪਾਰੀ ਸੰਗਠਨਾਂ ਦੇ ਸਹਿਯੋਗ ਨਾਲ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਮਾਰਚ ਕੱਢਿਆ ਜਾਵੇਗਾ। ਇਸ ਤੋਂ ਬਾਅਦ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਮੀਟਿੰਗ ਵਿਚ ਸਵਰਨਕਾਰ ਸੰਘ, ਕੱਪੜਾ ਐਸੋਸੀਏਸ਼ਨ, ਕਰਿਆਨਾ ਐਸੋਸੀਏਸ਼ਨ, ਰੈਡੀਮੇਡ ਗਾਰਮੈਂਟਸ ਐਸੋਸੀਏਸ਼ਨ, ਆੜ੍ਹਤੀਆ ਐਸੋਸੀਏਸ਼ਨ ਸਮੇਤ ਵੱਖ-ਵੱਖ ਬਾਜ਼ਾਰਾਂ ਦੇ ਵਪਾਰੀ ਸੰਗਠਨਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਪਾਰੀਆਂ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ 'ਤੇ ਪੁਲਿਸ-ਪਬਲਿਕ ਮਿਲਣੀਆਂ ਕਰਵਾਉਣ ਦੇ ਉਪਰਾਲੇ ਦੀ ਵੀ ਸ਼ਲਾਘਾ ਕੀਤੀ।
;
;
;
;
;
;
;
;