ਨਗਰ ਪਾਲਿਕਾ ਕਰਮਚਾਰੀ ਸੰਗਠਨ ਤੇ ਹੋਰ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੌਰਾਨ ਸ਼ਹਿਰ ਵਿਚ ਕੱਢਿਆ ਗਿਆ ਰੋਸ ਮਾਰਚ
ਕਪੂਰਥਲਾ, 30 ਜੁਲਾਈ (ਅਮਰਜੀਤ ਕੋਮਲ)- ਸਫਾਈ ਸੇਵਕਾਂ ਤੇ ਬਰਨਾਲਾ ਵਿਚ ਬੀਤੇ ਦਿਨੀਂ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ, ਪੰਜਾਬ ਸਰਕਾਰ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਾ ਲਏ ਜਾਣ ਤੇ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਅੱਖੋਂ ਪਰੋਖੇ ਕੀਤੇ ਜਾਣ 'ਤੇ ਅੱਜ ਨਗਰ ਪਾਲਿਕਾ ਕਰਮਚਾਰੀ ਸੰਗਠਨ ਤੇ ਸਫ਼ਾਈ ਕਰਮਚਾਰੀਆਂ ਦੀ ਹੋਰ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਕਪੂਰਥਲਾ, ਫਗਵਾੜਾ, ਸੁਲਤਾਨਪੁਰ ਲੋਧੀ, ਭੁਲੱਥ ਤੇ ਹੋਰ ਨੇੜਲੇ ਖੇਤਰਾਂ ਵਿਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। ਬੰਦ ਦੌਰਾਨ ਮੈਡੀਕਲ ਸੇਵਾਵਾਂ ਨੂੰ ਛੱਡ ਕੇ ਸ਼ਹਿਰ ਦੇ ਸਾਰੇ ਬਾਜ਼ਾਰ, ਵੱਡੇ ਕਾਰੋਬਾਰੀ ਅਦਾਰੇ, ਸਰਕਾਰੀ ਤੇ ਪ੍ਰਾਈਵੇਟ ਬੈਂਕ ਤੇ ਸ਼ਹਿਰ ਵਿਚਲੇ ਕੁੱਝ ਵਿੱਦਿਅਕ ਅਦਾਰੇ ਬੰਦੇ ਰਹੇ।
ਸਫ਼ਾਈ ਮੁਲਾਜ਼ਮਾਂ ਨਾਲ ਸਬੰਧਿਤ ਨੌਜਵਾਨਾਂ ਨੇ ਸਵੇਰੇ 11 ਵਜੇ ਤੋਂ ਬਾਅਦ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਦਾ ਦੌਰਾ ਕੀਤਾ ਤੇ ਮਾਲ ਰੋਡ 'ਤੇ ਖੁੱਲੀ ਐਸ.ਬੀ.ਆਈ. ਦੀ ਬਰਾਂਚ ਵਿਚ ਜਾ ਕੇ ਉਨ੍ਹਾਂ ਪ੍ਰਬੰਧਕਾਂ ਨੂੰ ਬੈਂਕ ਬੰਦ ਕਰਨ ਦੀ ਅਪੀਲ ਕੀਤੀ ਜਿਸ ਪਿੱਛੋਂ ਇਹ ਬੈਂਕ ਵੀ ਬੰਦ ਹੋ ਗਈ। ਜਦਕਿ ਐਚ.ਡੀ.ਐਫ.ਸੀ. ਬੈਂਕ, ਐਕਸਿਸ ਬੈਂਕ, ਇੰਡੀਅਨ ਬੈਂਕ ਸਮੇਤ ਹੋਰ ਬੈਂਕਾਂ ਸਵੇਰ ਤੋਂ ਹੀ ਬੰਦ ਸਨ। ਇਸੇ ਦੌਰਾਨ ਹੀ ਨਗਰ ਨਿਗਮ ਦੇ ਮੁਲਾਜ਼ਮਾਂ ਨੇ ਨਗਰ ਨਿਗਮ ਦੇ ਦਫ਼ਤਰ ਮੂਹਰੇ ਨਗਰ ਪਾਲਿਕਾ ਕਰਮਚਾਰੀ ਸੰਗਠਨ ਦੇ ਪ੍ਰਧਾਨ ਗੋਪਾਲ ਥਾਪਰ ਦੀ ਅਗਵਾਈ ਵਿਚ ਧਰਨਾ ਦਿੱਤਾ ਗਿਆ।
ਇਸ ਮੌਕੇ ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਦੀਪਕ ਸਲਵਾਨ, ਐਸ.ਸੀ. ਵਿੰਗ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਜੀਆ ਲਾਲ ਨਾਹਰ, ਭਾਜਪਾ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਵਿੰਦਰ ਸਿੰਘ ਭੁੱਲਰ ਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਆਗੂ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਉਨ੍ਹਾਂ ਨਗਰ ਨਿਗਮ ਦੇ ਮੁਲਾਜ਼ਮਾਂ ਦੇ ਸੰਘਰਸ਼ ਦਾ ਸਮਰਥਨ ਦਿੱਤਾ ਤੇ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਬਰਨਾਲਾ ਵਿਚ ਸਫ਼ਾਈ ਸੇਵਕਾਂ 'ਤੇ ਕੀਤੇ ਗਏ ਲਾਠੀਚਾਰਜ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ।
ਧਰਨੇ ਨੂੰ ਸੰਬੋਧਨ ਕਰਦਿਆਂ ਗੋਪਾਲ ਥਾਪਰ ਨੇ ਕਿਹਾ ਕਿ ਬੀਤੇ ਦਿਨ ਬਰਨਾਲਾ ਵਿਚ ਆਪਣੀਆਂ ਮੰਗਾਂ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ 'ਤੇ ਪੁਲਿਸ ਵਲੋਂ ਬੇਰਹਿਮੀ ਨਾਲ ਕੀਤੇ ਗਏ ਲਾਠੀਚਾਰਜ ਦੀ ਸੱਤਾਧਾਰੀ ਪਾਰਟੀ ਦੇ ਕਿਸੇ ਵੀ ਆਗੂ ਨੇ ਨਿੰਦਾ ਨਹੀਂ ਕੀਤੀ। ਜਿੱਥੋਂ ਤੱਕ ਦਲਿਤ ਸਮਾਜ ਨਾਲ ਸਬੰਧਿਤ ਐਮ.ਐਲ.ਏ.ਦਾ ਸਵਾਲ ਹੈ ਉਹ ਵੀ ਇਹ ਸਭ ਕੁੱਝ ਮੂਕ ਦਰਸ਼ਕ ਬਣ ਕੇ ਦੇਖ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਸਫ਼ਾਈ ਸੇਵਕਾਂ ਤੇ ਹੋਰ ਮੁਲਾਜ਼ਮਾਂ ਦੀ ਮੁੱਖ ਮੰਗ ਹੈ ਕਿ ਬਰਨਾਲਾ ਵਿਚ ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਕਰਨ ਵਾਲੇ ਡੀ.ਐਸ.ਪੀ., ਐਸ.ਐਚ.ਓ. ਤੇ ਹੋਰ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਕੇ ਉਨ੍ਹਾਂ 'ਤੇ ਇਰਾਦਾ ਕਤਲ, ਐਸ.ਸੀ.ਐਸ.ਟੀ. ਐਕਟ ਤਹਿਤ ਕੇਸ ਦਰਜ ਕੀਤਾ ਜਾਵੇ। ਸੰਗਠਨ ਦੇ ਸੂਬਾਈ ਪ੍ਰਧਾਨ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਇਹ ਮੰਗ ਨਾ ਮੰਨੀਆਂ ਤਾਂ ਨਗਰ ਪਾਲਿਕਾ ਕਰਮਚਾਰੀ ਸੰਗਠਨ ਆਪਣੇ ਸਾਥੀਆਂ ਨਾਲ ਮੀਟਿੰਗ ਕਰਕੇ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕੇਗਾ। ਉਨ੍ਹਾਂ ਬੰਦ ਨੂੰ ਸਫ਼ਲ ਬਣਾਉਣ ਲਈ ਕਾਰੋਬਾਰੀਆਂ, ਦੁਕਾਨਦਾਰਾਂ ਵਲੋਂ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
;
;
;
;
;
;
;
;