JALANDHAR WEATHER

ਕੰਪਿਊਟਰ ਅਧਿਆਪਕਾਂ ਨੂੰ ਘਰਾਂ ਵਿਚ ਨਜ਼ਰਬੰਦ ਕਰਨ ਦੀ ਜੀ.ਟੀ.ਯੂ. ਨੇ ਕੀਤੀ ਸਖ਼ਤ ਨਿੰਦਾ

ਸੰਗਰੂਰ, 31 ਜੁਲਾਈ (ਧੀਰਜ ਪਸੋਰੀਆ)- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਨੇ ਕੰਪਿਊਟਰ ਅਧਿਆਪਕਾਂ ਨੂੰ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਤੋਂ ਰੋਕਣ ਲਈ ਉਨ੍ਹਾਂ ਨੂੰ ਘਰਾਂ ਵਿਚ ਨਜ਼ਰਬੰਦ ਕਰਨ ਦੀ ਪੰਜਾਬ ਸਰਕਾਰ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਯੂਨੀਅਨ ਆਗੂਆਂ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਕੰਪਿਊਟਰ ਅਧਿਆਪਕਾਂ ਨੂੰ ਘਰਾਂ ਵਿਚ ਨਜ਼ਰਬੰਦ ਕਰਨਾ ਬੇਹੱਦ ਨਿੰਦਣਯੋਗ ਅਤੇ ਲੋਕਤੰਤਰ ਵਿਰੋਧੀ ਕਾਰਵਾਈ ਹੈ।

ਸਰਕਾਰ ਵਲੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਇਹ ਦਰਸਾਉਂਦੀ ਹੈ ਕਿ ਸਰਕਾਰ ਲੋਕਤੰਤਰਿਕ ਢੰਗ ਨਾਲ ਉੱਠ ਰਹੇ ਸਵਾਲਾਂ ਦਾ ਜਵਾਬ ਦੇਣ ਦੀ ਬਜਾਏ ਦਮਨ ਦਾ ਰਾਹ ਅਪਣਾ ਰਹੀ ਹੈ। ਜੀ.ਟੀ.ਯੂ. ਪੰਜਾਬ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਨੇ ਜ਼ੁਲਮ ਅਤੇ ਬੇਇਨਸਾਫ਼ੀ ਦੇ ਖ਼ਿਲਾਫ਼ ਲੜਦਿਆਂ ਆਪਣੀ ਜਾਨ ਕੁਰਬਾਨ ਕੀਤੀ ਸੀ। ਅੱਜ ਉਨ੍ਹਾਂ ਦੇ ਸ਼ਹੀਦੀ ਦਿਹਾੜੇ ’ਤੇ ਅਧਿਆਪਕਾਂ ਨੂੰ ਆਪਣੇ ਜਮਹੂਰੀ ਹੱਕਾਂ ਦੀ ਵਰਤੋਂ ਕਰਨ ਤੋਂ ਰੋਕਣਾ ਸ਼ਹੀਦਾਂ ਦੀ ਸੋਚ ਦਾ ਵੀ ਅਪਮਾਨ ਹੈ।

ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੰਪਿਊਟਰ ਅਧਿਆਪਕਾਂ ਨੂੰ ਘਰਾਂ ਵਿਚ ਨਜ਼ਰਬੰਦ ਕਰਨ ਦੀ ਕਾਰਵਾਈ ਤੁਰੰਤ ਬੰਦ ਕੀਤੀ ਜਾਵੇ ਅਤੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਦਾ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ। ਸਰਕਾਰ ਨੂੰ ਚਾਹੀਦਾ ਹੈ ਕਿ ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਉਨ੍ਹਾਂ ਨਾਲ ਬੈਠ ਕੇ ਮਸਲਿਆਂ ਦਾ ਸਥਾਈ ਹੱਲ ਕੱਢੇ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਸਪੱਸ਼ਟ ਕਰਦੀ ਹੈ ਕਿ ਅਧਿਆਪਕਾਂ ਦੇ ਜਮਹੂਰੀ ਹੱਕਾਂ ’ਤੇ ਕਿਸੇ ਵੀ ਤਰ੍ਹਾਂ ਦਾ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਧਿਆਪਕ ਆਪਣੇ ਹੱਕਾਂ, ਸਨਮਾਨ ਅਤੇ ਇਨਸਾਫ਼ ਲਈ ਜਮਹੂਰੀ ਢੰਗ ਨਾਲ ਸੰਘਰਸ਼ ਜਾਰੀ ਰੱਖਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ