ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਵਲੋਂ ਸਫਾਈ ਕਰਮਚਾਰੀਆਂ ਨੂੰ ਸਮਰਥਨ ਦਾ ਐਲਾਨ
ਜ਼ੀਰਕਪੁਰ (ਮੋਹਾਲੀ), 30 ਜੁਲਾਈ (ਹੈਪੀ ਪੰਡਵਾਲਾ)- ਪੰਜਾਬ 'ਚ ਸਫਾਈ ਕਰਮਚਾਰੀਆਂ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਅਤੇ ਬਰਨਾਲਾ ਵਿਖੇ ਵਾਪਰੀ ਲਾਠੀਚਾਰਜ ਦੀ ਘਟਨਾ ਦੇ ਵਿਰੋਧ 'ਚ ਅਣਮਿੱਥੇ ਸਮੇਂ ਲਈ ਹੜਤਾਲ ਅਤੇ ਤਿੱਖਾ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਵਲੋਂ ਬਰਨਾਲਾ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਇੱਥੇ ਨਗਰ ਕੌਂਸਲ ਦਫ਼ਤਰ 'ਚ ਵੀ ਸਫ਼ਾਈ ਕਰਮਚਾਰੀਆਂ ਵਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਮੌਕੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਵਿਸ਼ੇਸ਼ ਤੌਰ 'ਤੇ ਧਰਨੇ ਵਾਲੀ ਥਾਂ ਪਹੁੰਚੇ ਤੇ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਪੱਖ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਉਹ ਸਫਾਈ ਕਰਮਚਾਰੀਆਂ ਦੇ ਮੁੱਢਲੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਮਨਵਾਉਣ ਲਈ ਪੂਰੀ ਵਚਨਬੱਧਤਾ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਇਸ ਮੌਕੇ ਧਰਨਾ ਦੇ ਰਹੇ ਕਰਮਚਾਰੀਆਂ ਨੇ ਕਿਹਾ ਕਿ ਸੰਘਰਸ਼ ਦੇ ਇਸ ਮੁਸ਼ਕਿਲ ਦੌਰ 'ਚ ਸੀਨੀਅਰ ਭਾਜਪਾ ਆਗੂ ਦੀ ਹਾਜ਼ਰੀ ਨੇ ਉਨ੍ਹਾਂ ਦੇ ਹੌਸਲੇ ਹੋਰ ਬੁਲੰਦ ਕਰ ਦਿੱਤੇ ਹਨ।
ਸਫਾਈ ਕਰਮਚਾਰੀਆਂ ਨੇ ਔਖੇ ਸਮੇਂ 'ਚ ਉਨ੍ਹਾਂ ਦਾ ਸਾਥ ਦੇਣ ਅਤੇ ਮਨੋਬਲ ਵਧਾਉਣ ਲਈ ਗੁਰਦਰਸ਼ਨ ਸਿੰਘ ਸੈਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਤੇ ਪ੍ਰਸ਼ਾਸਨ ਵਲੋਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਅਤੇ ਬਰਨਾਲਾ ਲਾਠੀਚਾਰਜ ਮਾਮਲੇ 'ਚ ਇਨਸਾਫ਼ ਨਹੀਂ ਮਿਲਦਾ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਜ਼ਿਲ੍ਹਾ ਓ.ਬੀ.ਸੀ. ਮੋਰਚਾ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ, ਯੂਨੀਅਨ ਪ੍ਰਧਾਨ ਪ੍ਰਦੀਪ ਸੂਦ, ਰਵਿੰਦਰਪਾਲ ਸਿੰਘ ਤੇ ਵੱਡੀ ਗਿਣਤੀ 'ਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਵਰਕਰ ਹਾਜ਼ਰ ਸਨ।
;
;
;
;
;
;
;
;